Machhiwara News: ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਕੂਲ ਅਧਿਆਪਕਾ ਸਿਮਰਨਜੀਤ ਕੌਰ (22) ਵਾਸੀ ਟਾਂਡਾ ਕੁਸ਼ਲ ਸਿੰਘ ਨੇ ਕਲਾਸਰੂਮ ਵਿੱਚ ਹੀ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਲੜਕੀ ਦੇ ਪਿਤਾ ਮੋਹਣ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ ਈਟੀਟੀ ਦਾ ਕੋਰਸ ਕੀਤਾ ਹੋਇਆ ਸੀ ਅਤੇ ਉਹ ਪਿਛਲੇ 1 ਸਾਲ ਤੋਂ ਨੇੜਲੇ ਪਿੰਡ ਪੰਜਗਰਾਈਆਂ ਵਿੱਚ ਸਰਕਾਰੀ ਸਕੂਲ ਵਿਚ ਪ੍ਰਾਈਵੇਟ ਤੌਰ ’ਤੇ ਅਧਿਆਪਕਾ ਵਜੋਂ ਡਿਊਟੀ ਨਿਭਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਲੜਕੀ ਬਹੁਤ ਹੋਣਹਾਰ ਸੀ ਜੋ ਕਿ ਨਾਲ-ਨਾਲ ਬੀ.ਏ. ਦੀ ਪੜ੍ਹਾਈ ਵੀ ਕਰ ਰਹੀ ਸੀ ਪਰ ਅਚਾਨਕ ਉਸਨੇ ਆਤਮ-ਹੱਤਿਆ ਵਰਗਾ ਕਦਮ ਕਿਉਂ ਚੁੱਕਿਆ ਉਸ ਤੋਂ ਬੜੇ ਹੈਰਾਨ ਹਨ। ਜਾਣਕਾਰੀ ਅਨੁਸਾਰ ਪੰਜਗਰਾਈਆਂ ਸਕੂਲ ਵਿੱਚ 2 ਵਜੇ ਛੁੱਟੀ ਹੋਈ ਤੇ ਬੱਚੇ ਆਪਣੇ ਘਰਾਂ ਨੂੰ ਪਰਤ ਰਹੇ ਸਨ ਕਿ ਇਸ ਦੌਰਾਨ ਖਾਲੀ ਹੋਏ ਕਲਾਸਰੂਮ ਵਿੱਚ ਅਧਿਆਪਕਾ ਸਿਮਰਨਜੀਤ ਕੌਰ ਗਈ ਜਿਸ ਨੇ ਆਪਣੇ ਚੁੰਨੀ ਨਾਲ ਛੱਤ ’ਤੇ ਲੱਗੇ ਪੱਖੇ ਨਾਲ ਗਲ ਫਾਹਾ ਬਣਾ ਕੇ ਆਤਮ-ਹੱਤਿਆ ਕਰ ਲਈ। ਫਿਲਹਾਲ ਪੁਲਿਸ ਵੱਲੋਂ ਲਾਸ਼ ਕਬਜ਼ੇ ’ਚ ਕਰ ਪੋਸਟਮਾਰਟਮ ਲਈ ਭਿਜਵਾ ਦਿੱਤੀ ਹੈ ਅਤੇ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
