ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਦੇ ਬਾਹਰ ਹਿੰਸਾ ਦੌਰਾਨ 1971 ਦੀ ਜੰਗ ਦੇ ਮਿਗ-23ਯੂ ਲੜਾਕੂ ਜਹਾਜ਼ ‘ਤੇ ਚੜ੍ਹਨ ਵਾਲੇ ਨੌਜਵਾਨ ਦੀ ਪਛਾਣ ਹੋ ਗਈ ਹੈ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ ਮੁਲਜ਼ਮ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਫੜਿਆ ਗਿਆ ਮੁਲਜ਼ਮ ਇੱਕ ਨਾਬਾਲਗ ਹੈ, ਜੋ ਕਿ LPU ਯੂਨੀਵਰਸਿਟੀ ਵਿੱਚ ਹੀ ਪੜ੍ਹਦਾ ਹੈ ਅਤੇ ਮੂਲ ਰੂਪ ਵਿੱਚ ਮੰਡੀ (ਹਿਮਾਚਲ ਪ੍ਰਦੇਸ਼) ਦਾ ਰਹਿਣ ਵਾਲਾ ਹੈ। ਉਸ ਦੇ ਪਿਤਾ ਮੰਡੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਦਫ਼ਤਰ ਵਿੱਚ ਅਧਿਕਾਰੀ ਵਜੋਂ ਤਾਇਨਾਤ ਹਨ। ਯੂਨੀਵਰਸਿਟੀ ਵਿੱਚ ਹੋਈ ਹਿੰਸਾ ਦੌਰਾਨ ਇਸ ਨਾਬਾਲਗ ਦੀ ਜਹਾਜ਼ ‘ਤੇ ਚੜ੍ਹਦਿਆਂ ਦੀ ਵੀਡੀਓ ਸਾਹਮਣੇ ਆਈ ਸੀ, ਜਿਸ ਨੂੰ ਸੋਸ਼ਲ ਮੀਡੀਆ ‘ਤੇ ਕੁਝ ਲੋਕਾਂ ਵੱਲੋਂ ‘ਹੀਰੋ’ ਵਜੋਂ ਪੇਸ਼ ਕੀਤਾ ਗਿਆ ਸੀ।
ਯੂਨੀਵਰਸਿਟੀ ਦੇ ਚਾਂਸਲਰ ਅਤੇ ਭਾਜਪਾ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਂਪਸ ਬਾਹਰ ਲਗਾਏ ਗਏ ਇਹ ਮਿਗ-23ਯੂ ਲੜਾਕੂ ਜਹਾਜ਼ ਅਤੇ ਟੈਂਕ 1971 ਦੀ ਜੰਗ ਦੀ ਯਾਦਗਾਰ ਵਜੋਂ ਫ਼ੌਜ ਦੇ ਸਨਮਾਨ ਅਤੇ ਨੌਜਵਾਨਾਂ ਨੂੰ ਦੇਸ਼ ਭਗਤੀ ਲਈ ਪ੍ਰੇਰਿਤ ਕਰਨ ਵਾਸਤੇ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ‘ਤੇ ਚੜ੍ਹਨਾ ਦੇਸ਼ ਦੀਆਂ ਫ਼ੌਜਾਂ ਅਤੇ ਸ਼ਹੀਦਾਂ ਦਾ ਅਪਮਾਨ ਹੈ।
