ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਸਮਾਰੋਹ’ ਵਿੱਚ ਸ਼ਿਰਕਤ ਕਰਦਿਆਂ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ₹10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ।
CM ਮਾਨ ਨੇ ਕਿਹਾ ਕਿ ਸਿਹਤ ਕਾਰਡ ਲੋਕਾਂ ਨੂੰ ਇਲਾਜ ਨਾਲ ਜੁੜੇ ਵਿੱਤੀ ਬੋਝ ਤੋਂ ਰਾਹਤ ਦੇਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਮੁਤਾਬਕ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਹਰ ਨਾਗਰਿਕ ਬਿਹਤਰ ਸਿਹਤ ਸਹੂਲਤਾਂ ਤੱਕ ਪਹੁੰਚ ਹਾਸਲ ਕਰ ਸਕੇ।
ਸਮਾਗਮ ਦੌਰਾਨ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਤੰਦਰੁਸਤ ਪੰਜਾਬ ਹੀ ‘ਰੰਗਲਾ ਪੰਜਾਬ’ ਦੀ ਨੀਂਹ ਬਣ ਸਕਦਾ ਹੈ ਅਤੇ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਕੇਂਦਰ ਵਿੱਚ ਰੱਖ ਕੇ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਯਤਨ ਜਾਰੀ ਰਹਿਣਗੇ।
