MP ਅੰਮ੍ਰਿਤਪਾਲ ਦਾ ਪੰਜਾਬ ਪੁਲਿਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

ਅੰਮ੍ਰਿਤਸਰ: ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਮੁੜ ਵਾਧਾ ਹੋ ਗਿਆ ਹੈ। 22 ਅਪ੍ਰੈਲ ਨੂੰ NSA ਦੀ ਮਿਆਦ ਖ਼ਤਮ ਹੋਣ ਤੋਂ ਤੁਰੰਤ ਬਾਅਦ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਉਸ ਨੂੰ 2023 ਦੇ ਅਜਨਾਲਾ ਥਾਣਾ ਹਮਲਾ ਕੇਸ ਵਿੱਚ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰ ਲਿਆ ਹੈ।

ਅਸਾਮ ਦੀ ਡਿਬਰੂਗੜ੍ਹ ਅਦਾਲਤ ਨੇ ਪੰਜਾਬ ਪੁਲਿਸ ਦੀ ਅਪੀਲ ‘ਤੇ ਸੁਣਵਾਈ ਕਰਦਿਆਂ ਅੰਮ੍ਰਿਤਪਾਲ ਸਿੰਘ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ

ਵੀਡੀਓ ਕਾਨਫਰੰਸਿੰਗ ਰਾਹੀਂ ਚੱਲੇਗਾ ਕੇਸ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹਾਲੀਆ ਨਿਰਦੇਸ਼ਾਂ ਅਨੁਸਾਰ, ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਦੀ ਬਜਾਏ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਜਾਵੇਗਾ। ਸੁਰੱਖਿਆ ਕਾਰਨਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ, ਅਦਾਲਤ ਨੇ ਸਾਰੀ ਕਾਰਵਾਈ, ਪੁੱਛਗਿੱਛ ਅਤੇ ਟਰਾਇਲ ਵੀਡੀਓ ਕਾਨਫਰੰਸਿੰਗ ਰਾਹੀਂ ਕਰਨ ਦੀ ਇਜਾਜ਼ਤ ਦਿੱਤੀ ਹੈ

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਇੱਕ ਟੀਮ, ਜਿਸਦੀ ਅਗਵਾਈ DSP ਰੈਂਕ ਦੇ ਅਧਿਕਾਰੀ ਕਰ ਰਹੇ ਹਨ, 19 ਅਪ੍ਰੈਲ ਤੋਂ ਹੀ ਡਿਬਰੂਗੜ੍ਹ ਵਿੱਚ ਡੇਰੇ ਲਾਈ ਬੈਠੀ ਸੀ। ਫਰਵਰੀ 2023 ਵਿੱਚ ਹੋਈ ਇਸ ਘਟਨਾ ਵਿੱਚ ਅੰਮ੍ਰਿਤਪਾਲ ਅਤੇ ਉਸ ਦੇ ਸਮਰਥਕਾਂ ‘ਤੇ ਆਪਣੇ ਇੱਕ ਸਾਥੀ ਨੂੰ ਰਿਹਾਅ ਕਰਵਾਉਣ ਲਈ ਥਾਣੇ ‘ਤੇ ਹਮਲਾ ਕਰਨ ਦੇ ਦੋਸ਼ ਹਨ। ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਮੇਤ 41 ਵਿਅਕਤੀਆਂ ਵਿਰੁੱਧ ਕਤਲ ਦੀ ਕੋਸ਼ਿਸ਼, ਦੰਗੇ ਅਤੇ ਅਪਰਾਧਿਕ ਸਾਜ਼ਿਸ਼ ਵਰਗੀਆਂ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਗਏ ਹਨ

ਅੰਮ੍ਰਿਤਪਾਲ ਸਿੰਘ ਸਿਰਫ਼ ਅਜਨਾਲਾ ਕਾਂਡ ਹੀ ਨਹੀਂ, ਸਗੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ 12 ਹੋਰ ਅਪਰਾਧਿਕ ਮਾਮਲਿਆਂ ਦਾ ਵੀ ਸਾਹਮਣਾ ਕਰ ਰਹੇ ਹਨ। ਇਸ ਤੋਂ ਇਲਾਵਾ, ਸਾਲ 2024 ਵਿੱਚ ਸੋਸ਼ਲ ਮੀਡੀਆ ਪ੍ਰਭਾਵਕ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਕੇਸ ਵਿੱਚ ਵੀ ਉਨ੍ਹਾਂ ਨੂੰ ਮੁੱਖ ਸਾਜ਼ਿਸ਼ਘੜਤ ਵਜੋਂ ਨਾਮਜ਼ਦ ਕੀਤਾ ਗਿਆ ਹੈ

ਜਿੱਥੇ ਅੰਮ੍ਰਿਤਪਾਲ ਦੇ 9 ਸਾਥੀਆਂ ਨੂੰ ਪਹਿਲਾਂ ਹੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਉੱਥੇ ਹੀ ਰਾਜ ਸਰਕਾਰ ਦੀਆਂ ਦਲੀਲਾਂ ਨੂੰ ਮੰਨਦਿਆਂ ਅਦਾਲਤ ਨੇ ਅੰਮ੍ਰਿਤਪਾਲ ਨੂੰ ਅਸਾਮ ਵਿੱਚ ਹੀ ਰੱਖਣ ਦਾ ਫੈਸਲਾ ਬਰਕਰਾਰ ਰੱਖਿਆ ਹੈ। ਹੁਣ ਸ਼ਨੀਵਾਰ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ