ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡਾ ਭੂਚਾਲ ਆ ਗਿਆ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਠੀਕ ਪਹਿਲਾਂ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਨਾਲ ਨਾਤਾ ਤੋੜਨ ਦਾ ਐਲਾਨ ਕਰ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਪਾਰਟੀ ਦੇ ਕਈ ਸੀਨੀਅਰ ਆਗੂਆਂ ‘ਤੇ ਗੰਭੀਰ ਦੋਸ਼ ਲਗਾਏ ਹਨ
ਨਵਜੋਤ ਕੌਰ ਸਿੱਧੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਇੱਕ ਤਿੱਖੀ ਪੋਸਟ ਜਾਰੀ ਕਰਦੇ ਹੋਏ ਕਿਹਾ ਕਿ ਕਾਂਗਰਸ ਹੁਣ ਇੱਕ ”ਭ੍ਰਿਸ਼ਟ ਅਤੇ ਅੰਦਰੋਂ ਖੋਖਲੀ ਪਾਰਟੀ” ਬਣ ਚੁੱਕੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਮੰਸੁੱਖ ਮੰਡਾਵੀਆ ਨਾਲ ਮਿਲ ਕੇ ਨਵਜੋਤ ਸਿੰਘ ਸਿੱਧੂ ਨੂੰ ਸਿਆਸਤ ਵਿੱਚ ਨੁਕਸਾਨ ਪਹੁੰਚਾਉਣ ਲਈ ਸਾਜ਼ਿਸ਼ਾਂ ਕੀਤੀਆਂ
“ਨਵਜੋਤ ਸਿੱਧੂ ਨੂੰ ਹਰਾਉਣ ਲਈ ਪਾਰਟੀ ਅੰਦਰੋਂ ਖੇਡ”
ਨਵਜੋਤ ਕੌਰ ਸਿੱਧੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸੀਟ ‘ਤੇ ਜਾਣ-ਬੁੱਝ ਕੇ ਲੋਕ ਪਲਾਂਟ ਕੀਤੇ ਗਏ ਤਾਂ ਜੋ ਚੋਣਾਂ ‘ਚ ਹਾਰ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਈ ਸੀਨੀਅਰ ਆਗੂ—ਜਿਵੇਂ ਆਸ਼ੂ, Channi, Bathal ਅਤੇ ਗਾਂਧੀ ਪਰਿਵਾਰ—ਇਸ ਸਾਰੇ ਮਾਮਲੇ ‘ਤੇ ਚੁੱਪ ਹਨ, ਜੋ ਕਾਫੀ ਕੁਝ ਬਿਆਨ ਕਰਦਾ ਹੈ
“ਜਿਨ੍ਹਾਂ ਨੇ ਮਜੀਠੀਆ ਨੂੰ ਹਰਾਇਆ, ਉਨ੍ਹਾਂ ਨੂੰ ਇਨਾਮ ਮਿਲੇ”
ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਜਿਨ੍ਹਾਂ ਕਾਂਗਰਸੀ ਆਗੂਆਂ ਨੇ ਮਜੀਠੀਆ ਨੂੰ ਹਰਾਉਣ ਵਿੱਚ ਭੂਮਿਕਾ ਨਿਭਾਈ, ਉਨ੍ਹਾਂ ਨੂੰ ਵੱਡੇ ਅਹੁਦੇ ਦੇ ਕੇ ਸਨਮਾਨਿਤ ਕੀਤਾ ਗਿਆ, ਪਰ ਪਾਰਟੀ ਅੰਦਰ ਸੱਚ ਬੋਲਣ ਵਾਲਿਆਂ ਦੀ ਕੋਈ ਸੁਣਵਾਈ ਨਹੀਂ ਹੋਈ।
“ਕਾਂਗਰਸ ਲੋਕਾਂ ਲਈ ਹਾਸੇ ਦਾ ਵਿਸ਼ਾ ਬਣ ਗਈ”
ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਸੋਸ਼ਲ ਮੀਡੀਆ ‘ਤੇ ਮਜ਼ਾਕ ਬਣ ਕੇ ਰਹਿ ਗਈ ਹੈ ਅਤੇ ਲੋਕ ਇਸ ਦੀਆਂ ਰੀਲਾਂ ‘ਤੇ ਹੱਸ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਦੀ ਬਜਾਏ ਕੁਝ ਆਗੂ ਉਸਨੂੰ ਅੰਦਰੋਂ ਹੀ ਤਬਾਹ ਕਰ ਰਹੇ ਹਨ
ਅਗਲਾ ਕਦਮ ਕੀ?
ਭਾਵੇਂ ਨਵਜੋਤ ਕੌਰ ਸਿੱਧੂ ਨੇ ਇਸ ਵੇਲੇ ਕਿਸੇ ਹੋਰ ਪਾਰਟੀ ‘ਚ ਸ਼ਾਮਲ ਹੋਣ ਦਾ ਖੁੱਲ੍ਹਾ ਐਲਾਨ ਨਹੀਂ ਕੀਤਾ, ਪਰ ਸਿਆਸੀ ਗਲਿਆਰਿਆਂ ‘ਚ ਚਰਚਾ ਹੈ ਕਿ ਉਹ ਜਲਦ ਹੀ ਕੋਈ ਵੱਡਾ ਫੈਸਲਾ ਲੈ ਸਕਦੀਆਂ ਹਨ। ਇਸ ਸਾਰੇ ਮਾਮਲੇ ਨੇ ਪੰਜਾਬ ਦੀ ਸਿਆਸਤ ਨੂੰ ਨਵਾਂ ਮੋੜ ਦੇ ਦਿੱਤਾ ਹੈ, ਖ਼ਾਸ ਕਰਕੇ ਉਸ ਸਮੇਂ ਜਦੋਂ ਪ੍ਰਧਾਨ ਮੰਤਰੀ ਦਾ ਦੌਰਾ ਨੇੜੇ ਹੈ



