ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ 8 ਅਗਸਤ ਨੂੰ ਵਿਸ਼ਾਲ ਮੈਰਾਥਨ ਦੌੜ ਕਰਵਾਈ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਵੱਖ–ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਮੀਟਿੰਗ ਦੌਰਾਨ ਮੈਰਾਥਨ ਦੇ ਰੂਟ ਪਲਾਨ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਹ ਮੈਰਾਥਨ 08 ਅਗਸਤ 2026, ਦਿਨ ਸ਼ਨੀਵਾਰ ਨੂੰ ਸਵੇਰੇ 6:30 ਵਜੇ ਆਈ.ਟੀ.ਆਈ. ਗਰਾਊਂਡ, ਨਵਾਂਸ਼ਹਿਰ ਤੋਂ ਸ਼ੁਰੂ ਹੋਵੇਗੀ। ਮੈਰਾਥਨ ਦੌੜ ਦਾ ਰੂਟ ਆਈ.ਟੀ.ਆਈ. ਗਰਾਊਂਡ ਤੋਂ ਚੰਡੀਗੜ੍ਹ ਰੋਡ ਹੁੰਦਾ ਹੋਇਆ ਸ਼ੂਗਰ ਮਿੱਲ ਵਿਖੇ ਯੂ-ਟਰਨ ਲੈ ਕੇ ਵਾਪਸ ਆਈ.ਟੀ.ਆਈ. ਗਰਾਊਂਡ ਵਿਖੇ ਹੀ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਮੈਰਾਥਨ ਵਿੱਚ ਪਹਿਲੇ 15 ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਸਾਰੇ ਭਾਗੀਦਾਰਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਮੈਰਾਥਨ ਦੀ ਸਮਾਪਤੀ ਤੋਂ ਬਾਅਦ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਨਸ਼ੀਲੇ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਭਾਸ਼ਣ ਮੁਕਾਬਲੇ ਵੀ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੈਰਾਥਨ ਦੌੜ ਸਬੰਧੀ ਸਾਰੇ ਢੁੱਕਵੇਂ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਕਿ ਖਿਡਾਰੀਆਂ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਅਤੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
