ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ, ਪਰਗਟ ਸਿੰਘ ਨੂੰ ਮਿਲੀ ਕਮਾਨ

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਵੱਡਾ ਸੰਗਠਨਾਤਮਕ ਬਦਲਾਅ ਹੋਇਆ ਹੈ। ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ

AICC ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ 2 ਅਕਤੂਬਰ ਨੂੰ ਜਾਰੀ ਪ੍ਰੈੱਸ ਰਿਲੀਜ਼ ਵਿੱਚ ਪਰਗਟ ਸਿੰਘ ਦੀ ਨਿਯੁਕਤੀ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਨੇ ਸਾਬਕਾ PPCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਾਰਜਕਾਲ ਦੌਰਾਨ ਦਿੱਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਹੈ

ਵੜਿੰਗ ਤੋਂ ਬਾਅਦ ਪਰਗਟ ਸਿੰਘ ਨੂੰ ਜ਼ਿੰਮੇਵਾਰੀ

ਰਾਜਾ ਵੜਿੰਗ ਨੇ ਹਾਲ ਹੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। 2 ਅਕਤੂਬਰ ਨੂੰ ਉਨ੍ਹਾਂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਆਪਣਾ ਅਸਤੀਫ਼ਾ ਸੌਂਪਿਆ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ’ਤੇ ਆਪਣੇ ਆਪ ਨੂੰ ‘Former PPCC President’ ਦੱਸਿਆ ਗਿਆ ਸੀ

ਹੁਣ ਕਾਂਗਰਸ ਹਾਈਕਮਾਨ ਨੇ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਹਾਕੀ ਓਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਇਕਾਈ ਦੀ ਕਮਾਨ ਸੌਂਪ ਦਿੱਤੀ ਹੈ

ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਅਹਿਮ ਬਦਲਾਅ

ਪੰਜਾਬ ਕਾਂਗਰਸ ਵਿੱਚ ਪਿਛਲੇ ਕੁਝ ਸਮੇਂ ਤੋਂ ਸੰਗਠਨਾਤਮਕ ਤਬਦੀਲੀਆਂ ਅਤੇ ਲੀਡਰਸ਼ਿਪ ਨੂੰ ਲੈ ਕੇ ਚਰਚਾ ਚੱਲ ਰਹੀ ਸੀ। ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਪ੍ਰਧਾਨ ਲਈ ਪਰਗਟ ਸਿੰਘ ਸਮੇਤ ਕਈ ਨਾਵਾਂ ’ਤੇ ਚਰਚਾ ਹੋਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ