ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਪਹਿਲੀ ਵਾਰ ਦਰਬਾਰ ਸਾਹਿਬ ਨਤਮਸਤਕ ਹੋਏ ਪਰਗਟ ਸਿੰਘ

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਵੀਰਵਾਰ ਨੂੰ ਪਹਿਲੀ ਵਾਰ ਪੰਜਾਬ ਪਹੁੰਚੇ ਨੇ ਤੇ ਸਿੱਧਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਪਰਗਟ ਸਿੰਘ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੀ ਮੌਜੂਦ ਰਹੇ। ਦੋਵਾਂ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦੀ ਪਵਿੱਤਰ ਹਜ਼ੂਰੀ ਵਿੱਚ ਅਸ਼ੀਰਵਾਦ ਲਿਆ।

PPCC ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦੀ ਇਹ ਪਹਿਲੀ ਦਰਬਾਰ ਸਾਹਿਬ ਫੇਰੀ ਹੈ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਪਰਗਟ ਸਿੰਘ ਨੇ ਇਸ ਮੌਕੇ ਪੰਜਾਬ ਦੀ ਖੁਸ਼ਹਾਲੀ, ਭਾਈਚਾਰਕ ਸਾਂਝ ਅਤੇ ਲੋਕਾਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਆਵਾਜ਼ ਉਠਾਉਣ ਦਾ ਸੰਕਲਪ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕਾਂਗਰਸ ਪਾਰਟੀ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਹੋਵੇਗਾ।