ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਆਪਣੀ ਪਤਨੀ ਬਰਿੰਦਰ ਪ੍ਰੀਤ ਕੌਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਗੁਰੂ ਘਰ ਵਿਖੇ ਨਤਮਸਤਕ ਹੋਣ ਉਪਰੰਤ ਪਰਗਟ ਸਿੰਘ ਨੇ ਪੰਜਾਬ ਦੀ ਤਰੱਕੀ, ਸੂਬੇ ਦੇ ਲੋਕਾਂ ਦੀ ਸੁੱਖ-ਸਮ੍ਰਿੱਧੀ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੇਵਾ ਕਰਨਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਨੇ ਵਾਹਿਗੁਰੂ ਅੱਗੇ ਸੂਬੇ ਦੀ ਸੇਵਾ ਕਰਨ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਤਾਕਤ ਬਖ਼ਸ਼ਣ ਦੀ ਵੀ ਬੇਨਤੀ ਕੀਤੀ।
ਪਰਗਟ ਸਿੰਘ ਨੇ ਪੰਜਾਬ ਦੀ ਏਕਤਾ, ਭਾਈਚਾਰਕ ਸਾਂਝ ਅਤੇ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਪੰਜਾਬ ਦੀ ਮਿੱਟੀ, ਇੱਥੋਂ ਦੇ ਸ਼ਾਨਦਾਰ ਇਤਿਹਾਸ ਅਤੇ ਭਾਈਚਾਰਕ ਸਾਂਝ ਦੀਆਂ ਪਰੰਪਰਾਵਾਂ ਨਾਲ ਡੂੰਘਾ ਸਬੰਧ ਰਿਹਾ ਹੈ। ਪਾਰਟੀ ਨੇ ਹਮੇਸ਼ਾ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਦਾ ਯਤਨ ਕੀਤਾ ਹੈ।
ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪੰਜਾਬ ਦੀ ਬਿਹਤਰੀ, ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਅਤੇ ਸੂਬੇ ਦੇ ਉੱਜਵਲ ਭਵਿੱਖ ਲਈ ਪੂਰੀ ਇਮਾਨਦਾਰੀ ਤੇ ਵਚਨਬੱਧਤਾ ਨਾਲ ਕੰਮ ਕਰਨਗੇ।
