ਇਸਲਾਮਾਬਾਦ: ਪਾਕਿਸਤਾਨ ਦੀ ਜਨਤਾ ‘ਤੇ ਮਹਿੰਗਾਈ ਦਾ ਇੱਕ ਹੋਰ ਵੱਡਾ ਬੋਝ ਪੈ ਗਿਆ ਹੈ। Middle East ਵਿੱਚ ਚੱਲ ਰਹੇ ਟਕਰਾਅ ਦੇ ਵਿਚਕਾਰ, ਪਾਕਿਸਤਾਨ ਸਰਕਾਰ ਨੇ ਦੇਰ ਰਾਤ ਇੱਕ ਵੱਡਾ ਫੈਸਲਾ ਲੈਂਦਿਆਂ ਪੈਟਰੋਲ ਅਤੇ Hi-Speed ਡੀਜ਼ਲ ਦੀਆਂ ਕੀਮਤਾਂ ਵਿੱਚ 55 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਕਰ ਦਿੱਤਾ ਹੈ। ਇਸ ਨੂੰ ਦੇਸ਼ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ ਦੱਸਿਆ ਜਾ ਰਿਹਾ ਹੈ
ਕੀ ਹਨ ਨਵੀਆਂ ਕੀਮਤਾਂ?
ਸਰਕਾਰ ਵੱਲੋਂ ਕੀਤੇ ਗਏ ਇਸ ਵਾਧੇ ਤੋਂ ਬਾਅਦ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ:
ਡੀਜ਼ਲ: ਪਹਿਲਾਂ 280.86 ਰੁਪਏ ਤੋਂ ਵਧ ਕੇ ਹੁਣ 335.86 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ (ਲਗਭਗ 20% ਵਾਧਾ)
ਪੈਟਰੋਲ: ਪਹਿਲਾਂ 266.17 ਰੁਪਏ ਤੋਂ ਵਧ ਕੇ ਹੁਣ 321.17 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ (ਲਗਭਗ 17% ਵਾਧਾ)
ਕੀਮਤਾਂ ਵਧਣ ਦਾ ਮੁੱਖ ਕਾਰਨ
ਪਾਕਿਸਤਾਨੀ ਨਿਊਜ਼ ਪੋਰਟਲ ‘ਡਾਨ’ (The Dawn) ਮੁਤਾਬਕ, ਪੈਟਰੋਲੀਅਮ ਮੰਤਰੀ ਅਲੀ ਪਰਵੇਜ਼ ਮਲਿਕ, ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਅਤੇ ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਮੰਤਰੀਆਂ ਨੇ ਸਪੱਸ਼ਟ ਕੀਤਾ ਕਿ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਤੇਲ ਦੀ ਸਪਲਾਈ ਪ੍ਰਭਾਵਿਤ ਹੋਈ ਹੈ
ਪੈਟਰੋਲੀਅਮ ਮੰਤਰੀ ਨੇ ਕਿਹਾ, “ਗੁਆਂਢੀ ਦੇਸ਼ ਵਿੱਚ ਲੱਗੀ ਅੱਗ ਪੂਰੇ ਖੇਤਰ ਵਿੱਚ ਫੈਲ ਗਈ ਹੈ। ਸਾਨੂੰ ਨਹੀਂ ਪਤਾ ਕਿ ਇਹ ਸੰਕਟ ਕਦੋਂ ਤੱਕ ਚੱਲੇਗਾ, ਇਸ ਲਈ ਸਾਨੂੰ ਇਹ ਸਖ਼ਤ ਕਦਮ ਚੁੱਕਣਾ ਪਿਆ ਹੈ।
ਹਫਤਾਵਾਰੀ ਹੋਵੇਗੀ ਸਮੀਖਿਆ
ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਹੁਣ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਦੀ ਸਮੀਖਿਆ ਹਰ ਹਫਤੇ ਕੀਤੀ ਜਾਵੇਗੀ। ਮੰਤਰੀ ਮਲਿਕ ਨੇ ਭਰੋਸਾ ਦਿਵਾਇਆ ਕਿ ਜਿਵੇਂ ਹੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸਥਿਤੀ ਸੁਧਰੇਗੀ, ਕੀਮਤਾਂ ਵਿੱਚ ਉਸੇ ਤੇਜ਼ੀ ਨਾਲ ਕਟੌਤੀ ਕੀਤੀ ਜਾਵੇਗੀ
ਇਹ ਵਾਧਾ ਅਜਿਹੇ ਸਮੇਂ ਹੋਇਆ ਹੈ ਜਦੋਂ ਪਾਕਿਸਤਾਨ ਪਹਿਲਾਂ ਹੀ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਤੇਲ ਦੀਆਂ ਕੀਮਤਾਂ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਟ੍ਰਾਂਸਪੋਰਟੇਸ਼ਨ ਅਤੇ ਖਾਣ-ਪੀਣ ਦੀਆਂ ਚੀਜ਼ਾਂ ਹੋਰ ਮਹਿੰਗੀਆਂ ਹੋਣ ਦੀ ਸੰਭਾਵਨਾ ਹੈ