ਜਲੰਧਰ: ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਭਾਜਪਾ ਲੀਡਰਸ਼ਿਪ ਨਾਲ ਮੁਲਾਕਾਤ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਗਾਮੀ 17 ਜੁਲਾਈ ਦੇ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਪੰਜਾਬ ਨੂੰ ਮਿਲਣਗੇ ਵੱਡੇ ਤੋਹਫ਼ੇ
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ, ਉਹ ਸੂਬੇ ਲਈ ਵੱਡੇ ਪ੍ਰੋਜੈਕਟ ਲੈ ਕੇ ਆਉਂਦੇ ਹਨ। ਉਨ੍ਹਾਂ ਦੱਸਿਆ ਕਿ 17 ਜੁਲਾਈ ਨੂੰ ਪੀਐਮ ਮੋਦੀ ਜਲੰਧਰ ਸਮੇਤ ਪੰਜਾਬ ਦੇ ਚਾਰ ਵੱਡੇ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ‘ਸੰਤ ਰਵਿਦਾਸ ਜੀ ਐਕਸਪ੍ਰੈਸ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ
‘ਪੰਜਾਬ ਸਰਕਾਰ ਕਰਵਾ ਰਹੀ ਹੈ ਡਾਟਾ ਚੋਰੀ’
ਐਸ.ਆਈ.ਆਰ. (SIR) ਦੇ ਮੁੱਦੇ ‘ਤੇ ਢਿੱਲੋਂ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਆਪਣੇ ਮੁਲਾਜ਼ਮਾਂ ਤੋਂ ਡਾਟਾ ਚੋਰੀ ਕਰਵਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ:
- ਸਰਕਾਰ ਸੈਂਟਰ ਦੀਆਂ ਸਕੀਮਾਂ ਨੂੰ ਆਪਣੀਆਂ ਦੱਸ ਕੇ ਪ੍ਰਚਾਰ ਰਹੀ ਹੈ
- ਭਾਜਪਾ ਸਰਕਾਰ ਨੇ ਪੰਜਾਬ ਨੂੰ 4 ਲੱਖ 13 ਹਜ਼ਾਰ ਕਰੋੜ ਰੁਪਏ ਦਿੱਤੇ ਹਨ
- ਐਸ.ਆਈ.ਆਰ. ਦੀ ਆੜ ਵਿੱਚ ਲੋਕਾਂ ਦੇ ਪਰਿਵਾਰਕ ਡਾਟਾ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ
ਕਾਂਗਰਸ ‘ਤੇ ਤੰਜ
ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਕਲੇਸ਼ ਬਾਰੇ ਪੁੱਛੇ ਸਵਾਲ ‘ਤੇ ਢਿੱਲੋਂ ਨੇ ਕਿਹਾ, “ਕਾਂਗਰਸ ਦੀ ਗੱਲ ਛੱਡੋ, ਉੱਥੇ ਤਾਂ ਸਿਰਫ਼ ਕੁਰਸੀ ਦੀ ਲੜਾਈ ਚੱਲ ਰਹੀ ਹੈ।” ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ, ਪਰ ਪਾਰਟੀ ਵਿੱਚ ਕੋਈ ਸਪੱਸ਼ਟਤਾ ਨਹੀਂ ਹੈ।
ਬੇਅੰਤ ਸਿੰਘ ਕਤਲਕਾਂਡ ‘ਤੇ ਪ੍ਰਤੀਕਿਰਿਆ
ਆਰ.ਬੀ.ਐਸ. ਮਣੀ ਵੱਲੋਂ ਬੇਅੰਤ ਸਿੰਘ ਕਤਲਕਾਂਡ ਨੂੰ ਲੈ ਕੇ ਕੀਤੇ ਗਏ ਦਾਅਵਿਆਂ ਬਾਰੇ ਪੁੱਛੇ ਜਾਣ ‘ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਵਿਸ਼ੇ ਬਾਰੇ ਕੋਈ ਜਾਣਕਾਰੀ ਨਹੀਂ ਹੈ, ਇਸ ਲਈ ਉਹ ਕੋਈ ਟਿੱਪਣੀ ਨਹੀਂ ਕਰਨਗੇ
