ਸੋਨਮ ਵਾਂਗਚੁਕ ਦੀ ਵਿਗੜਦੀ ਸਿਹਤ ਕਾਰਨ ਪੁਲਿਸ ਨੇ ਹਸਪਤਾਲ ਦਾਖ਼ਲ ਕਰਵਾਇਆ

ਦਿੱਲੀ ਪੁਲਿਸ ਨੇ ਅੱਜ ਸਵੇਰੇ ਜੰਤਰ-ਮੰਤਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਨੂੰ ਸਫ਼ਦਰਜੰਗ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਹੈ। ਪਿਛਲੇ 21 ਦਿਨਾਂ ਤੋਂ ਅੰਨ-ਜਲ ਤਿਆਗਣ ਕਾਰਨ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਸੀ ਅਤੇ ਉਨ੍ਹਾਂ ਦਾ ਵਜ਼ਨ 9.5 ਕਿਲੋਗ੍ਰਾਮ ਤੋਂ ਵੱਧ ਘੱਟ ਚੁੱਕਾ ਹੈ।

ਜਦੋਂ ਪੁਲਿਸ ਪ੍ਰਸ਼ਾਸਨ ਵਾਂਗਚੁਕ ਨੂੰ ਹਸਪਤਾਲ ਲੈ ਕੇ ਜਾਣ ਲੱਗਾ, ਤਾਂ ਉੱਥੇ ਮੌਜੂਦ ਹੋਰ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਅਤੇ ਹੰਗਾਮਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਜੰਤਰ-ਮੰਤਰ ਵਾਲੀ ਜਗ੍ਹਾ ਜਲਦੀ ਤੋਂ ਜਲਦੀ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਬੀਤੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਸਖ਼ਤ ਹੁਕਮ ਦਿੱਤੇ ਸਨ ਕਿ ਸੋਨਮ ਵਾਂਗਚੁਕ ਦੀ ਸਿਹਤ ਦੀ ਰੋਜ਼ਾਨਾ ਜਾਂਚ ਕੀਤੀ ਜਾਵੇ ਅਤੇ ਲੋੜ ਪੈਣ ‘ਤੇ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾਵੇ। ਅਦਾਲਤ ਦੇ ਇਹਨਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਹੀ ਪੁਲਿਸ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਹੈ, ਹਾਲਾਂਕਿ ਸਮਰਥਕਾਂ ਨੇ ਇਸ ਕਾਰਵਾਈ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ।

ਸੋਨਮ ਵਾਂਗਚੁਕ ਦੇਸ਼ ਵਿੱਚ ਹੋਏ ਪੇਪਰ ਲੀਕ ਮਾਮਲੇ ਦੇ ਵਿਰੋਧ ਵਿੱਚ ਪਿਛਲੇ ਤਿੰਨ ਹਫ਼ਤਿਆਂ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਦੀ ਮੰਗ ਹੈ ਕਿ ਇਸ ਲਾਪਰਵਾਹੀ ਦੀ ਜ਼ਿੰਮੇਵਾਰੀ ਲੈਂਦੇ ਹੋਏ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ।