Amritsar News: ਪੰਜਾਬ ਦੇ ਅੰਮ੍ਰਿਤਸਰ ‘ਚ ਦਿਹਾਤੀ ਪੁਲਿਸ, ਸੀਆਈਏ ਟੀਮ ਅਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਣ ਦੀ ਖਬਰ ਮਿਲੀ ਹੈ। ਇਸ ਦੋਰਾਨ ਇੱਕ ਗੈਂਗਸਟਰ ਦੀ ਲੱਤ ਵਿੱਚ ਦੋ ਗੋਲੀਆਂ ਲੱਗੀਆਂ। ਜਿਸਤੋਂ ਬਾਅਦ ਪੁਲਿਸ ਵੱਲੋ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ । ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮ ਨਸ਼ਾ ਤਸਕਰ ਹੈਪੀ ਜੱਟ ਗਿਰੋਹ ਨਾਲ ਸਬੰਧਤ ਹਨ।
ਇਸ ਦੋਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸੀਆਈਏ ਇੰਚਾਰਜ ਨੇ ਜੰਡਿਆਲਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਦੋ ਵਿਅਕਤੀ ਸਪਲੈਂਡਰ ਮੋਟਰਸਾਈਕਲ ’ਤੇ ਆਏ ਅਤੇ ਪੁਲੀਸ ਟੀਮ ਵੱਲੋਂ ਉਨ੍ਹਾਂ ਨੂੰ ਚੈਕਿੰਗ ਲਈ ਰੁਕਣ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਟੀਮ ਨੇ ਵੀ ਗੋਲੀਆਂ ਚਲਾਈਆਂ।
ਮੋਟਰਸਾਈਕਲ ਸਵਾਰ ਦੀ ਖੱਬੀ ਲੱਤ ਦੇ ਗੋਡੇ ਅਤੇ ਵੱਛੇ ਵਿੱਚ ਦੋ ਗੋਲੀਆਂ ਲੱਗੀਆਂ। ਮੁਲਜ਼ਮਾਂ ਦੀ ਪਛਾਣ ਹੀਰਾ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਠੱਠੀਆਂ ਅਤੇ ਹਰਪ੍ਰੀਤ ਸਿੰਘ ਪੁੱਤਰ ਰਾਜ ਸਿੰਘ ਵਾਸੀ ਠੱਠੀਆਂ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਦੋ ਵੱਡੇ ਮਾਮਲੇ ਵੀ ਸੁਲਝਾ ਲਏ ਹਨ।