ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਅਹਿਮ ਫੇਰਬਦਲ ਕੀਤਾ ਗਿਆ ਹੈ। ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਖਾਲੀ ਹੋਏ ਵਿਭਾਗਾਂ ਦੀ ਜ਼ਿੰਮੇਵਾਰੀ ਹੁਣ ਕੈਬਨਿਟ ਦੇ ਹੋਰ ਮੰਤਰੀਆਂ ਨੂੰ ਸੌਂਪ ਦਿੱਤੀ ਗਈ ਹੈ।
ਕਿਸ ਮੰਤਰੀ ਨੂੰ ਮਿਲਿਆ ਕਿਹੜਾ ਨਵਾਂ ਵਿਭਾਗ ?
ਲਾਲਜੀਤ ਭੁੱਲਰ ਕੋਲ ਪਹਿਲਾਂ ਟ੍ਰਾਂਸਪੋਰਟ ਅਤੇ ਜੇਲ੍ਹ ਵਿਭਾਗ ਸਨ, ਜਿਨ੍ਹਾਂ ਨੂੰ ਹੁਣ ਹੇਠ ਲਿਖੇ ਅਨੁਸਾਰ ਵੰਡਿਆ ਗਿਆ ਹੈ:
- ਹਰਪਾਲ ਸਿੰਘ ਚੀਮਾ (ਵਿੱਤ ਮੰਤਰੀ): ਇਨ੍ਹਾਂ ਨੂੰ ਹੁਣ ਟ੍ਰਾਂਸਪੋਰਟ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।
- ਰਵਜੋਤ ਸਿੰਘ (ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ): ਇਨ੍ਹਾਂ ਨੂੰ ਜੇਲ੍ਹ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ।
ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਅਤੇ ਪਿਛੋਕੜ
ਡੀ.ਐਮ. ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਆਮ ਆਦਮੀ ਪਾਰਟੀ (AAP) ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਬੀਤੇ ਦਿਨ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪੁਲਿਸ ਨੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੀ.ਏ. (PA) ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਬੀਤੀ ਰਾਤ ਪੁਲਿਸ ਦੋਵਾਂ ਨੂੰ ਲੈ ਕੇ ਅੰਮ੍ਰਿਤਸਰ ਰਵਾਨਾ ਹੋਈ, ਜਿੱਥੇ ਅੱਜ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਇੱਕ ਅਧਿਕਾਰੀ ਵੱਲੋਂ ਖੁਦਕੁਸ਼ੀ ਕਰਨ ਅਤੇ ਭੁੱਲਰ ‘ਤੇ ਇਲਜ਼ਾਮ ਲੱਗਣ ਤੋਂ ਬਾਅਦ ਉਨ੍ਹਾਂ ਤੋਂ ਅਸਤੀਫ਼ਾ ਲੈ ਲਿਆ ਗਿਆ ਸੀ। ਹਾਲਾਂਕਿ, ਗ੍ਰਿਫ਼ਤਾਰੀ ਤੋਂ ਠੀਕ ਪਹਿਲਾਂ ਸਾਬਕਾ ਮੰਤਰੀ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਆਪਣੀ ਸਫਾਈ ਦਿੱਤੀ ਸੀ ਅਤੇ ਖ਼ੁਦ ਸਰੰਡਰ ਕਰਨ ਦੀ ਗੱਲ ਕਹੀ ਸੀ।
ਸੀ.ਐਮ. ਭਗਵੰਤ ਮਾਨ ਦੀ ਸਖ਼ਤ ਚਿਤਾਵਨੀ
ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਭ੍ਰਿਸ਼ਟਾਚਾਰ ਜਾਂ ਕਾਨੂੰਨ ਤੋੜਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ:
“ਪੂਰਾ ਪੰਜਾਬ ਮੇਰਾ ਪਰਿਵਾਰ ਹੈ। ਪੰਜਾਬ ਵਿੱਚ ਜੇਕਰ ਕੋਈ ਵੀ ਕਾਨੂੰਨ ਦੀ ਉਲੰਘਣਾ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ, ਭਾਵੇਂ ਉਹ ਕਿਸੇ ਵੀ ਵੱਡੇ ਅਹੁਦੇ ‘ਤੇ ਹੋਵੇ, ਮੇਰਾ ਕੋਈ ਸਕਾ-ਸੰਬੰਧੀ ਹੋਵੇ ਜਾਂ ਕੋਈ ਰਸੂਖਦਾਰ। ਕਿਸੇ ਦੀ ਪੁਸ਼ਤ ਪਨਾਹੀ ਕਰਨਾ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ।”
