ਪੰਜਾਬ ਕੈਬਨਿਟ ਦਾ ਵੱਡਾ ਫੈਸਲਾ: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖਿਲਾਫ ਮਤਾ ਪਾਸ

ਚੰਡੀਗੜ੍ਹ ਵਿੱਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਤਣਾਅ ਵਧ ਗਿਆ ਹੈ। ਕੈਬਨਿਟ ਨੇ ਇਸ ਨਿਯੁਕਤੀ ਖਿਲਾਫ ਸਖ਼ਤ ਮਤਾ ਪਾਸ ਕਰਦਿਆਂ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਸਟੈਂਡਰਡ ਪ੍ਰੋਸੀਜਰ (ਮਿਆਰੀ ਪ੍ਰਕਿਰਿਆ) ਦੀ ਪਾਲਣਾ ਨਹੀਂ ਕੀਤੀ ਗਈ ਅਤੇ ਪੰਜਾਬੀਆਂ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਗਿਆ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਜੀ.ਐੱਸ. ਸੰਧਾਵਾਲੀਆ ਦੀ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਤਾਇਨਾਤੀ ਦੌਰਾਨ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਗਈ। ਪਹਿਲਾਂ ਮੱਧ ਪ੍ਰਦੇਸ਼ ਸਰਕਾਰ ਨੇ ਇਸ ਨਿਯੁਕਤੀ ਨੂੰ ਦੋ ਮਹੀਨੇ ਰੋਕੀ ਰੱਖਿਆ ਅਤੇ ਬਾਅਦ ਵਿੱਚ ਉਨ੍ਹਾਂ ਦੀ ਨਿਯੁਕਤੀ ਹਿਮਾਚਲ ਪ੍ਰਦੇਸ਼ ਵਿੱਚ ਕਰ ਦਿੱਤੀ ਗਈ। ਇਸ ਪੂਰੇ ਅਮਲ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨਾਲ ਨਾ ਤਾਂ ਕੋਈ ਸਹਿਮਤੀ ਲਈ ਗਈ ਅਤੇ ਨਾ ਹੀ ਉਨ੍ਹਾਂ ਦੇ ਵਿਚਾਰ ਸ਼ਾਮਲ ਕੀਤੇ ਗਏ। ਸਰਕਾਰ ਦਾ ਮੰਨਣਾ ਹੈ ਕਿ ਇਹ ਸਿਰਫ਼ ਮੁੱਖ ਮੰਤਰੀ ਦਾ ਨਹੀਂ, ਸਗੋਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਦਾ ਅਪਮਾਨ ਹੈ।

ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਜਲਦ ਹੀ ਦੇਸ਼ ਦੇ ਮਾਣਯੋਗ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਜਾਵੇਗੀ ਕਿ ਜਸਟਿਸ ਅਸ਼ਵਨੀ ਕੁਮਾਰ ਨੂੰ ਸਹੁੰ ਚੁਕਾਉਣ ਦੀ ਪ੍ਰਕਿਰਿਆ ਨੂੰ ਰੋਕਿਆ ਜਾਵੇ।