ਜ਼ੀਰਕਪੁਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਟ (NEET) ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਨੀਸ਼ ਸਿਸੋਦੀਆ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਕੁਲਵੰਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਮੁੱਖ ਮੰਤਰੀ ਮਾਨ ਦਾ ਸੰਬੋਧਨ
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਨੌਜਵਾਨਾਂ ਨੂੰ ਸਹੀ ਮੌਕਾ ਅਤੇ ਮਿਆਰੀ ਸਿੱਖਿਆ ਮਿਲ ਜਾਵੇ, ਤਾਂ ਉਹ ਹਰ ਮੁਸ਼ਕਿਲ ਮੰਜ਼ਿਲ ਨੂੰ ਹਾਸਲ ਕਰ ਸਕਦੇ ਹਨ।
882 ਬੱਚਿਆਂ ਨੇ ਰਚਿਆ ਇਤਿਹਾਸ
ਮੁੱਖ ਮੰਤਰੀ ਨੇ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਇਸ ਸਾਲ ਪਹਿਲੀ ਵਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਬੱਚਿਆਂ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਇਤਿਹਾਸ ਸਿਰਜਿਆ ਹੈ। ਇਸ ਦੇ ਨਾਲ ਹੀ, ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ‘ਆਰਿਅਨ ਗੁਪਤਾ‘ ਵੀ ਪੰਜਾਬ ਦੀ ਧਰਤੀ ਦਾ ਹੀ ਹੋਣਹਾਰ ਪੁੱਤ ਹੈ।
ਸਫਲਤਾ ਦਾ ਸਿਹਰਾ
ਮੁੱਖ ਮੰਤਰੀ ਨੇ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਲਗਨ ਨੂੰ ਦਿੱਤਾ।
‘ਰੰਗਲੇ ਪੰਜਾਬ‘ ਵੱਲ ਕਦਮ
ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਹਰ ਬੱਚੇ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਪੂਰਾ ਸਹਿਯੋਗ ਦੇਵੇਗੀ। ਸਿੱਖਿਆ ਦੇ ਖੇਤਰ ਵਿੱਚ ਆ ਰਿਹਾ ਇਹ ਬਦਲਾਅ ਹੀ ਅਸਲ ‘ਰੰਗਲੇ ਪੰਜਾਬ‘ ਦੀ ਮਜ਼ਬੂਤ ਨੀਂਹ ਹੈ।