ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਐਕਸ਼ਨ: ਪੰਜਾਬ ਸਰਕਾਰ ਦੇ ਰਡਾਰ ‘ਤੇ 22 ਅਫ਼ਸਰ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਫ਼ ਕਰ ਦਿੱਤਾ ਹੈ ਕਿ ਸਰਕਾਰੀ ਖ਼ਜ਼ਾਨੇ ਨੂੰ ਲੁੱਟਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਖੁਲਾਸੇ ਤੋਂ ਬਾਅਦ ਵਿੱਤ ਵਿਭਾਗ ਦੇ ਮੁਲਾਜ਼ਮਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ

4 ਅਧਿਕਾਰੀਆਂ ‘ਤੇ ਡਿੱਗੀ ਗਾਜ਼: ਇੱਕ ਬਰਖ਼ਾਸਤ, ਤਿੰਨ ਨੂੰ ਸਖ਼ਤ ਸਜ਼ਾ
ਵਿੱਤ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸਾਲ 2022 ਵਿੱਚ ਖ਼ਜ਼ਾਨਾ ਤੇ ਲੇਖਾ ਸ਼ਾਖਾ ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਾ ਦਫ਼ਤਰਾਂ ਵਿੱਚ ਤਾਇਨਾਤ 4 ਮੁਲਾਜ਼ਮਾਂ ਵਿਰੁੱਧ ਸ਼ਿਕਾਇਤਾਂ ਮਿਲੀਆਂ ਸਨ। ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ

ਲੰਬੀ ਜਾਂਚ ਤੋਂ ਬਾਅਦ ਦਸੰਬਰ 2025 ਵਿੱਚ ਵੱਡਾ ਫੈਸਲਾ ਲਿਆ ਗਿਆ:

ਸੁਪਰਡੈਂਟ ਗ੍ਰੇਡ-2 ਦੇ ਇੱਕ ਅਧਿਕਾਰੀ ਨੂੰ ਸਿੱਧਾ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ

ਬਾਕੀ 3 ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਗਈਆਂ ਹਨ

ਵਿਜੀਲੈਂਸ ਦੀ ਗ੍ਰਿਫ਼ਤ ਵਿੱਚ ਸੁਪਰਡੈਂਟ, ਪੁਲਿਸ ਰਿਮਾਂਡ ਜਾਰੀ
ਵਿਜੀਲੈਂਸ ਬਿਊਰੋ (ਅੰਮ੍ਰਿਤਸਰ ਰੇਂਜ) ਨੇ ਬਰਖ਼ਾਸਤ ਸੁਪਰਡੈਂਟ ਵਿਰੁੱਧ FIR ਨੰਬਰ 1/2026 ਦਰਜ ਕੀਤੀ ਹੈ। ਉਕਤ ਮੁਲਜ਼ਮ ਨੂੰ 11 ਜਨਵਰੀ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਗੁਰਦਾਸਪੁਰ ਦੀ ਅਦਾਲਤ ਨੇ ਉਸ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ ਤਾਂ ਜੋ ਇਸ ਘੁਟਾਲੇ ਦੀਆਂ ਹੋਰ ਪਰਤਾਂ ਖੋਲ੍ਹੀਆਂ ਜਾ ਸਕਣ

“ਸਾਡੀ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਮਿਸਾਲੀ ਕਾਰਵਾਈ ਕਰ ਰਹੀ ਹੈ। ਚਾਹੇ ਕੋਈ ਕਿੰਨੇ ਵੀ ਉੱਚੇ ਅਹੁਦੇ ‘ਤੇ ਕਿਉਂ ਨਾ ਹੋਵੇ, ਜੇਕਰ ਉਸ ਨੇ ਲੋਕਾਂ ਦੇ ਪੈਸੇ ਦੀ ਹੇਰਾਫੇਰੀ ਕੀਤੀ ਹੈ, ਤਾਂ ਉਸ ਨੂੰ ਜੇਲ੍ਹ ਦੀ ਹਵਾ ਖਾਣੀ ਪਵੇਗੀ।” — ਹਰਪਾਲ ਸਿੰਘ ਚੀਮਾ, ਵਿੱਤ ਮੰਤਰੀ, ਪੰਜਾਬ

ਹੁਣ 22 ਹੋਰ ਅਫ਼ਸਰਾਂ ਦੀ ਵਾਰੀ: ਸੇਵਾਮੁਕਤ ਜੱਜ ਨੇ ਕੀਤੀ ਜਾਂਚ
ਸਭ ਤੋਂ ਵੱਡਾ ਖੁਲਾਸਾ ਉਦੋਂ ਹੋਇਆ ਜਦੋਂ ਮੁਅੱਤਲ ਕੀਤੇ ਗਏ 4 ਮੁਲਾਜ਼ਮਾਂ ਦੇ ਬੈਂਕ ਖਾਤਿਆਂ ਦੀ ਪੜਤਾਲ ਕੀਤੀ ਗਈ। ਇਸ ਜਾਂਚ ਵਿੱਚ 22 ਹੋਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਏ ਹਨ।

ਪਾਰਦਰਸ਼ਤਾ ਬਣਾਈ ਰੱਖਣ ਲਈ ਸਰਕਾਰ ਨੇ ਇਸ ਦੀ ਜਾਂਚ ਸੇਵਾਮੁਕਤ ਜੱਜ ਤੋਂ ਕਰਵਾਈ ਹੈ। ਇਸ ਜਾਂਚ ਰਿਪੋਰਟ ਦੇ ਅਧਾਰ ‘ਤੇ ਹੁਣ ਇਹਨਾਂ 22 ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਵੱਡੀਆਂ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ

#PunjabNews

#PunjabGovernment

#HarpalSinghCheema

#CorruptionFreePunjab

#VigilanceAction

#PunjabPolice

#BreakingNewsPunjab

#BhagwantMann

#AAPpunjab