ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰਦਿਆਂ ਆਖਿਆ ਹੈ ਕਿ ਵਿੱਦਿਆ ਉਹ ਅਜਿਹਾ ਖ਼ਜ਼ਾਨਾ ਹੈ ਜਿਸ ਨੂੰ ਕਦੇ ਚੋਰੀ ਨਹੀਂ ਕੀਤਾ ਜਾ ਸਕਦਾ ਅਤੇ ਸਰਕਾਰ ਸਿੱਖਿਆ ਨੂੰ ਮੁਨਾਫ਼ਾਖੋਰੀ ਦਾ ਸਾਧਨ ਨਹੀਂ ਬਣਨ ਦੇਵੇਗੀ। ਪ੍ਰਾਈਵੇਟ ਸਕੂਲਾਂ ਦੀ ਲੁੱਟ ਅਤੇ ਮਨਮਾਨੀਆਂ ਨੂੰ ਨੱਥ ਪਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਹਿਮ ਬਿੱਲ ਲਿਆਂਦਾ ਗਿਆ ਹੈ।
ਇਸ ਫ਼ੈਸਲੇ ਨਾਲ ਸੂਬੇ ਦੇ 32 ਲੱਖ ਬੱਚਿਆਂ ਦੇ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ। ਕੋਈ ਵੀ ਪ੍ਰਾਈਵੇਟ ਸਕੂਲ 3 ਸਾਲ ਤੱਕ ਆਪਣੀ ਵਰਦੀ (ਯੂਨੀਫਾਰਮ) ਨਹੀਂ ਬਦਲ ਸਕੇਗਾ। ਮਾਪਿਆਂ ਨੂੰ ਕਿਸੇ ਖ਼ਾਸ ਦੁਕਾਨ ਤੋਂ ਹੀ ਵਰਦੀਆਂ ਜਾਂ ਕਿਤਾਬਾਂ ਖਰੀਦਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ।
ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ:
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਸਿੱਖਿਆ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ‘ਤੇ ਹੈ। ਸਰਕਾਰੀ ਸਕੂਲਾਂ ਦੇ 882 ਬੱਚਿਆਂ ਵੱਲੋਂ ‘ਨੀਟ’ (NEET) ਦੀ ਪ੍ਰੀਖਿਆ ਪਾਸ ਕਰਨਾ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ। ਉਨ੍ਹਾਂ ਅੰਤ ਵਿੱਚ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਸਿਰਜਣਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
