ਚੰਡੀਗੜ੍ਹ/ਕਾਦੀਆਂ ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦਾ ਕੁਨਬਾ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਨੂੰ ਉਸ ਵੇਲੇ ਇੱਕ ਹੋਰ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਦੀਆਂ ਤੋਂ ਹਲਕਾ ਇੰਚਾਰਜ ਸ. ਗੁਰਇਕਬਾਲ ਸਿੰਘ ਮਾਹਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਉਨ੍ਹਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।
ਸਰਕਾਰ ਦੀ ਨੀਅਤ ਸਾਫ਼, ਕੰਮ ਬੋਲਦੇ ਨੇ: ਮੁੱਖ ਮੰਤਰੀ
ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਸ. ਗੁਰਇਕਬਾਲ ਸਿੰਘ ਮਾਹਲ ਜੀ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ:
“ਜਦੋਂ ਸਰਕਾਰ ਦੀ ਨੀਅਤ ਸਾਫ਼ ਹੋਵੇ ਤੇ ਕੰਮ ਬੋਲਦੇ ਹੋਣ ਤਾਂ ਪੰਜਾਬ ਦਾ ਭਲਾ ਚਾਹੁਣ ਵਾਲੇ ਲੋਕ ਆਪਣੇ ਆਪ ਸਾਥ ਦੇਣ ਆਉਂਦੇ ਹਨ। ਅਸੀਂ ਸਾਰੇ ਮਿਲ ਕੇ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਸੇ ਤਰ੍ਹਾਂ ਤਨਦੇਹੀ ਨਾਲ ਕੰਮ ਕਰਦੇ ਰਹਾਂਗੇ।”
ਕਾਦੀਆਂ ਹਲਕੇ ਵਿੱਚ ‘ਆਪ’ ਹੋਈ ਹੋਰ ਮਜ਼ਬੂਤ
ਸਿਆਸੀ ਮਾਹਰਾਂ ਮੁਤਾਬਕ, ਗੁਰਇਕਬਾਲ ਸਿੰਘ ਮਾਹਲ ਦੇ ‘ਆਪ’ ਵਿੱਚ ਆਉਣ ਨਾਲ ਕਾਦੀਆਂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਪਾਰਟੀ ਦੀ ਸਥਿਤੀ ਹੋਰ ਵੀ ਮਜ਼ਬੂਤ ਹੋ ਗਈ ਹੈ। ਸ. ਮਾਹਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਅਤੇ ਇਮਾਨਦਾਰ ਸਿਆਸਤ ਤੋਂ ਪ੍ਰਭਾਵਿਤ ਹੋ ਕੇ ਇਸ ਪਰਿਵਾਰ ਦਾ ਹਿੱਸਾ ਬਣੇ ਹਨ।