ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ

ਪੰਜਾਬ ਪੁਲਿਸ ਨੇ ਸੂਬੇ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਜ਼ਿਲ੍ਹਾ ਪੁਲਿਸ ਨੇ ਸਾਂਝੇ ਤੌਰ ’ਤੇ ਰਾਜ ਭਰ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਹੈ।

ਗੈਂਗਸਟਰਾਂ ਵਿਰੁੱਧ ਮੁਹਿੰਮ: 1070 ਟਿਕਾਣਿਆਂ ’ਤੇ ਛਾਪੇ ਪੰਜਾਬ ਵਿੱਚ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ ਚੱਲਦਿਆਂ ਅੱਜ 168 ਦਿਨ ਹੋ ਗਏ ਹਨ। ਇਸ ਮੁਹਿੰਮ ਦੀ ਸ਼ੁਰੂਆਤ 20 ਜਨਵਰੀ 2026 ਨੂੰ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਕੀਤੀ ਗਈ ਸੀ। ਅੱਜ ਦੀ ਤਾਜ਼ਾ ਕਾਰਵਾਈ ਵਿੱਚ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ 1070 ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 597 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 10 ਹਥਿਆਰ ਬਰਾਮਦ ਕੀਤੇ ਗਏ। 11 ਭਗੌੜੇ ਅਪਰਾਧੀਆਂ ਨੂੰ ਵੀ ਫੜਿਆ ਗਿਆ ਹੈ। ਹੁਣ ਤੱਕ ਇਸ ਮੁਹਿੰਮ ਤਹਿਤ ਕੁੱਲ 45,263 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।

ਨਸ਼ਿਆਂ ਖਿਲਾਫ ਸਖ਼ਤੀ: 493ਵੇਂ ਦਿਨ ਵੀ ਜਾਰੀ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 493ਵੇਂ ਦਿਨ ਵੀ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਿਆ ਗਿਆ। ਅੱਜ 150 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਬਰਾਮਦਗੀ ਵਿੱਚ 26.2 ਕਿਲੋਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 22 ਕਿਲੋ ਭੁੱਕੀ ਅਤੇ 434 ਨਸ਼ੀਲੀਆਂ ਗੋਲੀਆਂ ਸ਼ਾਮਲ ਹਨ। ਇਸ ਮੁਹਿੰਮ ਦੌਰਾਨ ਹੁਣ ਤੱਕ ਕੁੱਲ 72,397 ਨਸ਼ਾ ਤਸਕਰਾਂ ਨੂੰ ਫੜਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ, ਪੁਲਿਸ ਨੇ 22 ਵਿਅਕਤੀਆਂ ਨੂੰ ਨਸ਼ਾ ਛੱਡ ਕੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

ਹੈਲਪਲਾਈਨ ਨੰਬਰ ਜੇਕਰ ਤੁਸੀਂ ਕਿਸੇ ਵੀ ਅਪਰਾਧਿਕ ਗਤੀਵਿਧੀ ਜਾਂ ਗੈਂਗਸਟਰਾਂ ਬਾਰੇ ਕੋਈ ਜਾਣਕਾਰੀ ਦੇਣਾ ਚਾਹੁੰਦੇ ਹੋ, ਤਾਂ ਪੁਲਿਸ ਦੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਗੁਪਤ ਰੂਪ ਵਿੱਚ ਸੰਪਰਕ ਕਰ ਸਕਦੇ ਹੋ।