ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਵੱਡੀ ਪਹਿਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਬੁੱਧਵਾਰ ਨੂੰ ਸੂਬੇ ਭਰ ਵਿੱਚ 1,000 ਹੋਰ ‘ਪੇਂਡੂ ਖੇਡ ਮੈਦਾਨ’ ਲੋਕਾਂ ਨੂੰ ਸਮਰਪਿਤ ਕੀਤੇ। ਇਸ ਨਾਲ ਹੁਣ ਤੱਕ ਉਦਘਾਟਨ ਕੀਤੇ ਗਏ ਖੇਡ ਮੈਦਾਨਾਂ ਦੀ ਗਿਣਤੀ 1,764 ਹੋ ਗਈ ਹੈ, ਜਦਕਿ ਸਰਕਾਰ ਵੱਲੋਂ ਕੁੱਲ 3,100 ਖੇਡ ਮੈਦਾਨ ਤਿਆਰ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਸ਼ਾਹਪੁਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਆਉਣ ਵਾਲੇ ਸਮੇਂ ਵਿੱਚ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਦਾ ਕੇਂਦਰ ਬਣਾਉਣ ਲਈ ਨੀਂਹ ਰੱਖੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਬਣਾਏ ਜਾ ਰਹੇ ਇਨ੍ਹਾਂ ਖੇਡ ਮੈਦਾਨਾਂ ਵਿੱਚ ਫੁੱਟਬਾਲ, ਹਾਕੀ, ਵਾਲੀਬਾਲ ਅਤੇ ਕ੍ਰਿਕਟ ਸਮੇਤ ਵੱਖ-ਵੱਖ ਖੇਡਾਂ ਲਈ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਦਾ ਮਕਸਦ ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਲਈ ਬਿਹਤਰ ਮੌਕੇ ਪ੍ਰਦਾਨ ਕਰਨਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ, ਲੋੜ ਸਿਰਫ਼ ਉਨ੍ਹਾਂ ਨੂੰ ਸਹੀ ਮੰਚ ਅਤੇ ਸਹੂਲਤਾਂ ਦੇਣ ਦੀ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਪਿੰਡਾਂ ਵਿੱਚੋਂ ਨਿਕਲਣ ਵਾਲੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਪੰਜਾਬ ਦਾ ਨਾਮ ਰੌਸ਼ਨ ਕਰਨ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨਾ ਜ਼ਰੂਰੀ
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਊਰਜਾ ਨੂੰ ਖੇਡਾਂ ਵੱਲ ਲਗਾਉਣਾ ਬੇਹੱਦ ਜ਼ਰੂਰੀ ਹੈ। ਖੇਡਾਂ ਨਾ ਸਿਰਫ਼ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਦੀਆਂ ਹਨ, ਸਗੋਂ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਪਸੀਨਾ ਵਹਾਉਣ ਵਾਲੇ ਪੰਜਾਬ ਦੇ ਨੌਜਵਾਨ ਆਉਣ ਵਾਲੇ ਸਾਲਾਂ ਵਿੱਚ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਣਗੇ।
ਪਿਛਲੀਆਂ ਸਰਕਾਰਾਂ ‘ਤੇ ਵੀ ਸਾਧਿਆ ਨਿਸ਼ਾਨਾ
ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਪਹਿਲਾਂ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਲੋੜੀਂਦੀਆਂ ਗ੍ਰਾਂਟਾਂ ਨਹੀਂ ਦਿੱਤੀਆਂ ਜਾਂਦੀਆਂ ਸਨ ਅਤੇ ਪੇਂਡੂ ਖੇਤਰਾਂ ਦੇ ਵਿਕਾਸ ਵੱਲ ਵੀ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਪਿੰਡਾਂ ਵਿੱਚ ਖੇਡ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਅੱਗੇ ਵਧਣ ਦੇ ਬਰਾਬਰ ਮੌਕੇ ਮਿਲ ਸਕਣ।
ਉਨ੍ਹਾਂ ਇਸ ਮੌਕੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸਮਾਗਮ ਵਿੱਚ ਪਹੁੰਚੇ ਲੋਕਾਂ ਅਤੇ ਸਿਆਸੀ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਖੇਡਾਂ ਇੱਕ ਸਿਹਤਮੰਦ, ਅਨੁਸ਼ਾਸਿਤ ਅਤੇ ਤਰੱਕੀਸ਼ੀਲ ਸਮਾਜ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ
