ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਹੰਗਾਮਾ, ਗੇਟ ਬੰਦ! ਭਲਕੇ 10,000 ਕਿਸਾਨ ਚੰਡੀਗੜ੍ਹ ਵੱਲ: ਰੂਟ ਡਾਇਵਰਟ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ (PU) ਵਿੱਚ ਸੈਨੇਟ ਚੋਣਾਂ ਦੀਆਂ ਤਰੀਕਾਂ ਐਲਾਨ ਨਾ ਹੋਣ ਕਾਰਨ ਵਿਦਿਆਰਥੀਆਂ ਦਾ ਗੁੱਸਾ ਭੜਕ ਉੱਠਿਆ ਹੈ। ਮੰਗਲਵਾਰ ਦੇਰ ਸ਼ਾਮ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਗੇਟ ਨੰਬਰ 2 ਨੂੰ ਬੰਦ ਕਰਕੇ ਧਰਨਾ ਸ਼ੁਰੂ ਕਰ ਦਿੱਤਾ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ। ਵਿਦਿਆਰਥੀ ਜਥੇਬੰਦੀਆਂ ਨੇ ਕੱਲ੍ਹ, 26 ਨਵੰਬਰ, ਨੂੰ ਪੂਰੀ ਯੂਨੀਵਰਸਿਟੀ ਬੰਦ ਰੱਖਣ ਦਾ ਸੱਦਾ ਦਿੱਤਾ ਹੈ ਅਤੇ ਪੰਜਾਬ ਦੇ 200 ਕਾਲਜਾਂ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਦੇ ਮੱਦੇਨਜ਼ਰ, ਯੂਨੀਵਰਸਿਟੀ ਵਿੱਚ ਭਲਕੇ ਛੁੱਟੀ ਰਹੇਗੀ ਅਤੇ ਬੁੱਧਵਾਰ ਦੀਆਂ ਪ੍ਰੀਖਿਆਵਾਂ ਦੇ ਕੇਂਦਰਾਂ ਵਿੱਚ ਵੀ ਤਬਦੀਲੀ ਕੀਤੀ ਗਈ ਹੈ।


ਕਿਸਾਨਾਂ ਦੇ ਪ੍ਰਦਰਸ਼ਨ ਲਈ ਪੁਲਿਸ ਹਾਈ ਅਲਰਟ ‘ਤੇ

ਇੱਕ ਹੋਰ ਅਹਿਮ ਖ਼ਬਰ ਵਿੱਚ, 26 ਨਵੰਬਰ ਨੂੰ ਲਗਭਗ 10,000 ਕਿਸਾਨਾਂ ਦੇ ਚੰਡੀਗੜ੍ਹ ਪਹੁੰਚਣ ਦੀ ਉਮੀਦ ਹੈ। ਕਿਸਾਨ ਦਿੱਲੀ ਅੰਦੋਲਨ ਦੇ ਪੰਜ ਸਾਲ ਪੂਰੇ ਹੋਣ ‘ਤੇ ਆਪਣੀਆਂ ਲਟਕਦੀਆਂ ਮੰਗਾਂ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਾਰੰਟੀ ਵਾਲਾ ਕਾਨੂੰਨ ਅਤੇ ਬਿਜਲੀ ਦੇ ਬਿੱਲ ਮੁਆਫ਼ ਕਰਨ ਦੀ ਮੰਗ ਸ਼ਾਮਲ ਹੈ, ਨੂੰ ਲੈ ਕੇ ਸੈਕਟਰ 43 ਦੇ ਦੁਸਹਿਰਾ ਮੈਦਾਨ ਵਿੱਚ ਪ੍ਰਦਰਸ਼ਨ ਕਰਨਗੇ।

ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਲਈ 3,000 ਪੁਲਿਸ ਕਰਮਚਾਰੀ ਤਾਇਨਾਤ ਕਰਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਟ੍ਰੈਫਿਕ ਜਾਮ ਤੋਂ ਬਚਣ ਲਈ ਸ਼ਹਿਰ ਵਿੱਚ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ। ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਵਿਕਲਪਕ ਰਸਤਿਆਂ ਦੀ ਵਰਤੋਂ ਕਰਨ

#punjabuniversityprotest #punjabuniversitynews #puchandigarhnews #chandigarhnews