ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋ ਅਹਿਮ ਕਦਮ ਚੁੱਕਿਆ ਗਿਆ। ਅੱਜ ਮੋਗਾ ‘ਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਾਸਤੇ ਰਜਿਸਟ੍ਰੇਸ਼ਨ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ ਇਲਾਕੇ ਦੀਆਂ ਔਰਤਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

ਸੈਂਕੜੇ ਔਰਤਾਂ ਦੀ ਹੋਈ ਰਜਿਸਟ੍ਰੇਸ਼ਨ
ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਪਹਿਲੇ ਦਿਨ ਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਲੈ ਕੇ ਮਾਵਾਂ ਅਤੇ ਧੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕੈਂਪ ਦੌਰਾਨ ਅਨੇਕਾਂ ਮਾਵਾਂ-ਭੈਣਾਂ ਦੇ ਫ਼ਾਰਮ ਭਰਨ ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਮੁਕੰਮਲ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਫਾਰਮ ਭਰਨ ਅਤੇ ਕਾਗਜ਼ਾਤ ਪੂਰੇ ਕਰਨ ਵਿੱਚ ਔਰਤਾਂ ਦੀ ਮਦਦ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਤਾਂ ਜੋ ਕਿਸੇ ਵੀ ਲਾਭਪਾਤਰੀ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਔਰਤਾਂ ਦੇ ਸਨਮਾਨ ਲਈ ਵਿਸ਼ੇਸ਼ ਉਪਰਾਲਾ
ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਦਾ ਮਾਣ-ਸਤਿਕਾਰ ਬਹਾਲ ਕਰਨਾ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਕੈਂਪ ਵਿੱਚ ਪਹੁੰਚੀਆਂ ਔਰਤਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਕੀਮਾਂ ਜ਼ਮੀਨੀ ਪੱਧਰ ‘ਤੇ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ।
ਆਉਣ ਵਾਲੇ ਦਿਨਾਂ ਵਿੱਚ ਵੀ ਹਲਕੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੇ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣ ਦੀ ਉਮੀਦ ਹੈ, ਤਾਂ ਜੋ ਕੋਈ ਵੀ ਯੋਗ ਔਰਤ ਇਸ ਸਕੀਮ ਦੇ ਲਾਭ ਤੋਂ ਵਾਂਝੀ ਨਾ ਰਹੇ।
