ਆਸਟ੍ਰੇਲੀਆ ਚ’ ਪੰਜਾਬੀ ਨੌਜਵਾਨ ਨਾਲ ਵਾਪਰਿਆ ਵੱਡਾ ਭਾਣਾ

ਬਟਾਲਾ : ਆਸਟ੍ਰੇਲੀਆ ਦੇ ਮੈਲਬੋਰਨ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਨੇ ਬਟਾਲਾ ਦੇ ਅਰਬਨ ਅਸਟੇਟ ਦੇ ਇੱਕ ਪਰਿਵਾਰ ਨੂੰ ਗਹਿਰਾ ਸਦਮਾ ਦਿੱਤਾ ਹੈ। ਹਾਦਸੇ ਵਿੱਚ 36 ਸਾਲਾ ਸਨੇਹ ਪਾਲ ਸਿੰਘ ਦੀ ਮੌਤ ਹੋ ਗਈ। ਸਨੇਹ ਪਾਲ ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਸੀ ਅਤੇ ਕਰੀਬ 11 ਸਾਲ ਪਹਿਲਾਂ ਬਿਹਤਰ ਭਵਿੱਖ ਦੀ ਭਾਲ ਵਿੱਚ ਆਸਟ੍ਰੇਲੀਆ ਗਿਆ ਸੀ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਵਿੱਚ ਕੋਹਰਾਮ ਮੱਚ ਗਿਆ ਅਤੇ ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ।


ਮਾਮਲਾ ਆਸਟ੍ਰੇਲੀਆ ਦੇ ਮੈਲਬੋਰਨ ਦਾ ਹੈ, ਜਿੱਥੇ ਸ਼ਨੀਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਬਟਾਲਾ ਦੇ ਅਰਬਨ ਅਸਟੇਟ ਵਾਸੀ 36 ਸਾਲਾ ਸਨੇਹ ਪਾਲ ਸਿੰਘ ਦੀ ਜਾਨ ਚਲੀ ਗਈ।

ਜਾਣਕਾਰੀ ਮੁਤਾਬਕ ਸਨੇਹ ਪਾਲ ਸਿੰਘ ਦੀ ਕਾਰ ਸੜਕ ਦੇ ਕਿਨਾਰੇ ਖੜ੍ਹੀ ਸੀ। ਇਸੇ ਦੌਰਾਨ ਪਿੱਛੋਂ ਆ ਰਹੇ ਇੱਕ ਅਣਪਛਾਤੇ ਵਾਹਨ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਸਨੇਹ ਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਸਨੇਹ ਪਾਲ ਕਰੀਬ 11 ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ। ਉਹ ਉੱਥੇ ਰਹਿ ਕੇ ਆਪਣੇ ਪਰਿਵਾਰ ਦੇ ਸੁਨਹਿਰੇ ਭਵਿੱਖ ਲਈ ਮਿਹਨਤ ਕਰ ਰਿਹਾ ਸੀ। ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਹੋਣ ਕਾਰਨ ਸਨੇਹ ਪਾਲ ਪਰਿਵਾਰ ਲਈ ਬੇਹੱਦ ਖ਼ਾਸ ਸੀ।

ਪੁੱਤਰ ਦੀ ਮੌਤ ਦੀ ਖ਼ਬਰ ਜਿਵੇਂ ਹੀ ਬਟਾਲਾ ਸਥਿਤ ਪਰਿਵਾਰ ਨੂੰ ਮਿਲੀ ਤਾਂ ਘਰ ਵਿੱਚ ਮਾਤਮ ਛਾ ਗਿਆ। ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਕਿ ਜਿਸ ਪੁੱਤਰ ਨੂੰ ਬਿਹਤਰ ਭਵਿੱਖ ਲਈ ਵਿਦੇਸ਼ ਭੇਜਿਆ ਸੀ, ਉਹ ਹੁਣ ਇਸ ਦੁਨੀਆ ਵਿੱਚ ਨਹੀਂ ਰਿਹਾ।

ਸਨੇਹ ਪਾਲ ਦੀ ਮੌਤ ਦੀ ਖ਼ਬਰ ਤੋਂ ਬਾਅਦ ਰਿਸ਼ਤੇਦਾਰ ਅਤੇ ਜਾਣਕਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਉੱਥੇ ਹੀ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸੀ ਆਗੂ ਅਮਨਦੀਪ ਜੈਂਤੀਪੁਰ ਨੇ ਘਸੀਟਪੁਰ ਵਿਖੇ ਮ੍ਰਿਤਕ ਦੇ ਸਹੁਰੇ ਸੁਖਦੇਵ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਪਰਿਵਾਰ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਸਨੇਹ ਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾ ਸਕੇ।