ਪਟਿਆਲਾ: ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਟਾਲਾਂ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿੰਦੇ ਇੱਕ 24 ਸਾਲਾ ਪੰਜਾਬੀ ਨੌਜਵਾਨ ਦੀ ਕਥਿਤ ਤੌਰ ’ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਖੁਸ਼ਕਰਣਦੀਪ ਸਿੰਘ ਵਜੋਂ ਹੋਈ ਹੈ
ਜਾਣਕਾਰੀ ਮੁਤਾਬਕ ਖੁਸ਼ਕਰਣਦੀਪ ਸਿੰਘ ਕਰੀਬ ਪੰਜ ਸਾਲ ਪਹਿਲਾਂ ਆਪਣੇ ਪਰਿਵਾਰ ਦੀ ਆਰਥਿਕ ਮਦਦ ਲਈ ਅਮਰੀਕਾ ਗਿਆ ਸੀ। ਉਹ ਕੈਲੀਫੋਰਨੀਆ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ
ਪਰਿਵਾਰ ਦੇ ਅਨੁਸਾਰ, 30 ਜੁਲਾਈ ਤੋਂ ਬਾਅਦ ਉਸ ਨਾਲ ਸੰਪਰਕ ਟੁੱਟ ਗਿਆ ਸੀ ਅਤੇ ਉਸ ਦਾ ਮੋਬਾਈਲ ਫੋਨ ਵੀ ਬੰਦ ਆ ਰਿਹਾ ਸੀ। ਕਾਫ਼ੀ ਸਮੇਂ ਤੱਕ ਕੋਈ ਜਾਣਕਾਰੀ ਨਾ ਮਿਲਣ ਕਾਰਨ ਪਰਿਵਾਰ ਦੀ ਚਿੰਤਾ ਵਧ ਗਈ, ਜਿਸ ਤੋਂ ਬਾਅਦ ਮਾਮਲਾ ਅਮਰੀਕੀ ਅਧਿਕਾਰੀਆਂ ਤੱਕ ਪਹੁੰਚਿਆ
ਕੈਲੀਫੋਰਨੀਆ ਪੁਲਿਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਨੌਜਵਾਨ ਦੀ ਲਾਸ਼ ਇੱਕ ਜੰਗਲੀ ਇਲਾਕੇ ਵਿੱਚੋਂ ਬਰਾਮਦ ਕੀਤੀ ਗਈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਨੂੰ ਉਸ ਦੇ ਵਾਹਨ ਵਿੱਚ ਯਾਤਰਾ ਦੌਰਾਨ ਗੋਲੀ ਮਾਰੀ ਗਈ ਹੋ ਸਕਦੀ ਹੈ। ਹਾਲਾਂਕਿ, ਹੱਤਿਆ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਜਾਰੀ ਹੈ
ਪਰਿਵਾਰ ਨੇ ਕੇਂਦਰ ਸਰਕਾਰ ਤੋਂ ਕੀਤੀ ਮਦਦ ਦੀ ਅਪੀਲ
ਖੁਸ਼ਕਰਣਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ, ਜੋ ਪਿੰਡ ਅਟਾਲਾਂ ਵਿੱਚ ਰਹਿੰਦੇ ਹਨ, ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ, ਤਾਂ ਜੋ ਪਰਿਵਾਰ ਉਸ ਦਾ ਅੰਤਿਮ ਸੰਸਕਾਰ ਕਰ ਸਕੇ।
ਉਨ੍ਹਾਂ ਕਿਹਾ ਕਿ ਪਰਿਵਾਰ ਇਸ ਦੁੱਖ ਦੀ ਘੜੀ ਵਿੱਚ ਸਰਕਾਰੀ ਸਹਾਇਤਾ ਦੀ ਉਡੀਕ ਕਰ ਰਿਹਾ ਹੈ
ਪੰਜਾਬੀ ਭਾਈਚਾਰੇ ਨੇ ਸ਼ੁਰੂ ਕੀਤੀ ਮਦਦ ਮੁਹਿੰਮ
ਇਸ ਦੌਰਾਨ ਉੱਤਰੀ ਅਮਰੀਕਾ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਵੱਲੋਂ ਪਰਿਵਾਰ ਦੀ ਸਹਾਇਤਾ ਲਈ ਫੰਡ ਇਕੱਠਾ ਕਰਨ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਰਾਹੀਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਅਤੇ ਹੋਰ ਕਾਨੂੰਨੀ ਪ੍ਰਕਿਰਿਆਵਾਂ ਨਾਲ ਜੁੜੇ ਖਰਚਿਆਂ ਵਿੱਚ ਪਰਿਵਾਰ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਖੁਸ਼ਕਰਣਦੀਪ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਿੰਡ ਅਟਾਲਾਂ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਪਰਿਵਾਰ ਅਤੇ ਜਾਣਕਾਰਾਂ ਵੱਲੋਂ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ
