ਭਲਕੇ ਸੰਗਰੂਰ ‘ਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ

ਗੁੱਟਬਾਜ਼ੀ ਛੱਡ ਕੇ ਇਕਜੁੱਟ ਹੋਣਗੇ ਕਾਂਗਰਸੀ ਆਗੂ? ਰਾਹੁਲ ਗਾਂਧੀ ਪੇਸ਼ ਕਰਨਗੇ ਨਵਾਂ ਚੋਣ ਰੋਡਮੈਪ, ਰੈਲੀ ‘ਚ ਇੱਕ ਲੱਖ ਲੋਕਾਂ ਦੀ ਸ਼ਮੂਲੀਅਤ ਦਾ ਟੀਚਾ

ਸੰਗਰੂਰ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦਰਮਿਆਨ ਕਾਂਗਰਸ ਆਗੂ ਰਾਹੁਲ ਗਾਂਧੀ ਭਲਕੇ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ‘ਇਨਸਾਫ਼ ਰੈਲੀ’ ਨੂੰ ਸੰਬੋਧਨ ਕਰਨਗੇ। ਇਸ ਰੈਲੀ ਨੂੰ ਪੰਜਾਬ ਕਾਂਗਰਸ ਲਈ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਉਮੀਦ ਹੈ ਕਿ ਰਾਹੁਲ ਗਾਂਧੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰਨ ਦਾ ਸੰਦੇਸ਼ ਦੇਣਗੇ।

ਇਸ ਵਾਰ ਰਾਹੁਲ ਗਾਂਧੀ ਦਾ ਜ਼ੋਰ ਸਿਰਫ਼ ਪਾਰਟੀ ਅੰਦਰਲੀ ਗੁੱਟਬਾਜ਼ੀ ਖ਼ਤਮ ਕਰਨ ‘ਤੇ ਹੀ ਨਹੀਂ, ਸਗੋਂ ਸੰਗਠਨ ਨੂੰ ਮਜ਼ਬੂਤ ਬਣਾਉਣ ਅਤੇ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਸਾਂਝੀ ਰਣਨੀਤੀ ਤਿਆਰ ਕਰਨ ‘ਤੇ ਵੀ ਰਹਿ ਸਕਦਾ ਹੈ।

ਪਹਿਲਾਂ ਵੀ ਦੇ ਚੁੱਕੇ ਹਨ ਇਕਜੁੱਟ ਰਹਿਣ ਦੀ ਨਸੀਹਤ

ਜ਼ਿਕਰਯੋਗ ਹੈ ਕਿ 28 ਫਰਵਰੀ ਨੂੰ ਬਰਨਾਲਾ ਵਿਖੇ ਹੋਈ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਮੰਚ ਤੋਂ ਹੀ ਗੁੱਟਬਾਜ਼ੀ ਛੱਡ ਕੇ ਇਕੱਠੇ ਚੱਲਣ ਦੀ ਸਲਾਹ ਦਿੱਤੀ ਸੀ। ਉਸ ਸਮੇਂ ਪਾਰਟੀ ਅੰਦਰ ਧੜੇਬੰਦੀ ਅਤੇ ਆਗੂਆਂ ਵਿਚਕਾਰ ਸਿਆਸੀ ਖਿੱਚੋਤਾਣ ਵੱਡੀ ਚੁਣੌਤੀ ਬਣੀ ਹੋਈ ਸੀ।

ਹਾਲਾਂਕਿ ਹੁਣ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਵੀ ਵੱਡੀਆਂ ਤਬਦੀਲੀਆਂ ਹੋ ਚੁੱਕੀਆਂ ਹਨ। ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਭੂਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਨੂੰ ਸੂਬਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਖੜਗੇ ਅਤੇ ਰਾਹੁਲ ਗਾਂਧੀ ਨਾਲ ਹੋ ਚੁੱਕੀ ਹੈ ਅਹਿਮ ਮੀਟਿੰਗ

ਪੰਜਾਬ ਕਾਂਗਰਸ ਦੀ ਚੋਣ ਤਿਆਰੀ ਨੂੰ ਲੈ ਕੇ ਪਾਰਟੀ ਹਾਈਕਮਾਂਡ ਵੀ ਸਰਗਰਮ ਨਜ਼ਰ ਆ ਰਹੀ ਹੈ। 26 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਸੀਨੀਅਰ ਆਗੂਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਸੀ। ਇਸ ਦੌਰਾਨ ਸੰਗਠਨਾਤਮਕ ਅਨੁਸ਼ਾਸਨ ਅਤੇ ਆਪਸੀ ਤਾਲਮੇਲ ‘ਤੇ ਜ਼ੋਰ ਦਿੱਤਾ ਗਿਆ।

ਇਸ ਤੋਂ ਬਾਅਦ 31 ਅਕਤੂਬਰ ਨੂੰ ਦਿੱਲੀ ਦੇ ਇੰਦਰਾ ਭਵਨ ਵਿਖੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਬੈਠਕ ਕੀਤੀ। ਇਸ ਵਿੱਚ ਸਚਿਨ ਪਾਇਲਟ, ਪਰਗਟ ਸਿੰਘ, ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੇ ਇੰਦਰ ਸਿੰਗਲਾ ਸਮੇਤ ਕਈ ਪ੍ਰਮੁੱਖ ਆਗੂ ਸ਼ਾਮਲ ਹੋਏ।

ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ, ਪਾਰਟੀ ਦੇ ਅੰਦਰੂਨੀ ਤਾਲਮੇਲ ਅਤੇ ਜਥੇਬੰਦਕ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਹੁਲ ਗਾਂਧੀ ਨੇ ਕੁਝ ਸੀਨੀਅਰ ਆਗੂਆਂ ਨਾਲ ਵੱਖਰੇ ਤੌਰ ‘ਤੇ ਵੀ ਗੱਲਬਾਤ ਕੀਤੀ। ਪਾਰਟੀ ਦੀ ਰਣਨੀਤੀ ਸਮੂਹਿਕ ਲੀਡਰਸ਼ਿਪ ਹੇਠ ਚੋਣ ਮੈਦਾਨ ਵਿੱਚ ਉਤਰਨ ਦੀ ਦੱਸੀ ਜਾ ਰਹੀ ਹੈ।

ਸੰਗਰੂਰ ‘ਚ ਇੱਕ ਲੱਖ ਲੋਕਾਂ ਨੂੰ ਇਕੱਠਾ ਕਰਨ ਦਾ ਟੀਚਾ

ਰੈਲੀ ਨੂੰ ਸਫ਼ਲ ਬਣਾਉਣ ਲਈ ਪੰਜਾਬ ਕਾਂਗਰਸ ਨੇ ਪੂਰੀ ਤਾਕਤ ਲਗਾ ਦਿੱਤੀ ਹੈ। ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਤੇ ਸੀਨੀਅਰ ਆਗੂ ਵਿਜੇ ਇੰਦਰ ਸਿੰਗਲਾ ਸਮੇਤ ਹੋਰ ਆਗੂ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲੈ ਚੁੱਕੇ ਹਨ।

ਕਾਂਗਰਸ ਵੱਲੋਂ ਇਸ ਰੈਲੀ ਵਿੱਚ ਇੱਕ ਲੱਖ ਲੋਕਾਂ ਦੀ ਸ਼ਮੂਲੀਅਤ ਦਾ ਟੀਚਾ ਰੱਖਿਆ ਗਿਆ ਹੈ। ਪਾਰਟੀ ਦੀ ਕੋਸ਼ਿਸ਼ ਹੈ ਕਿ ਇਸ ਰੈਲੀ ਰਾਹੀਂ ਮਾਲਵਾ ਖੇਤਰ ਵਿੱਚ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਕੀਤਾ ਜਾਵੇ ਅਤੇ ਵਰਕਰਾਂ ਵਿੱਚ 2027 ਦੀਆਂ ਚੋਣਾਂ ਲਈ ਨਵਾਂ ਜੋਸ਼ ਭਰਿਆ ਜਾਵੇ।