ਪੰਜਾਬ ਸਰਕਾਰ ਦੀ ਨਵੀਂ ਸਕੀਮ, ਸੜਕ ਹਾਦਸਿਆਂ ‘ਚ ਪੀੜਤਾਂ ਨੂੰ ਬਚਾਉਣ ਵਾਲੇ ਨੂੰ ਮਿਲੇਗਾ ਇਨਾਮ

ਪੰਜਾਬ: ਸੜਕ ਹਾਦਸਿਆਂ ਦੇ ਮਾਮਲੇ ‘ਚ ਪੰਜਾਬ ਸਰਕਾਰ ਨੇ ਨਵਾਂ ਵਿਚਾਰ ਪੇਸ਼ ਕੀਤਾ ਹੈ। ਦਰਅਸਲ, ਪੰਜਾਬ ਸਰਕਾਰ ਨੇ ਸੜਕ ਹਾਦਸੇ ਦੇ ਪੀੜਤਾਂ ਦੀ ਜਾਨ ਬਚਾਉਣ ਵਿੱਚ ਮਦਦ ਕਰਨ ਵਾਲੇ ਲੋਕਾਂ ਨੂੰ 5,000 ਰੁਪਏ ਇਨਾਮ ਦੇਣ ਦੀ ਨਵੀਂ ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ।

ਇਹ ਫੈਸਲਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਇੱਥੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ ਮੀਟਿੰਗ ਦੌਰਾਨ ਲਿਆ। ਇਸ ਸਕੀਮ ਤਹਿਤ ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਦੀ ਜਾਨ ਬਚਾਉਣ ਵਾਲੇ ਨੂੰ ਡਾਕਟਰ ਜਾਂ ਪੁਲਿਸ ਵੱਲੋਂ “ਗੁੱਡ ਸਮਰੀਟਨ ਸਰਟੀਫਿਕੇਟ” ਦਿੱਤਾ ਜਾਵੇਗਾ। ਇਸ ਦੀ ਮਦਦ ਨਾਲ ਉਹ ਡੀਸੀ ਦਫ਼ਤਰ ਤੋਂ ਇਨਾਮੀ ਰਾਸ਼ੀ ਪ੍ਰਾਪਤ ਕਰ ਸਕੇਗਾ।

ਭੁੱਲਰ ਨੇ ਕਿਹਾ, ਇਸ ਸਕੀਮ ਦਾ ਉਦੇਸ਼ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ, ਤਾਂ ਜੋ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਮਦਦ ਲਈ ਅੱਗੇ ਆਉਣ। ਮੀਟਿੰਗ ਦੌਰਾਨ ਉਨ੍ਹਾਂ ਅੰਮ੍ਰਿਤਸਰ ‘ਟਰੈਫਿਕ ਮੈਨੇਜਮੈਂਟ ਪਲਾਨ’ ਨੂੰ ਵੀ ਪ੍ਰਵਾਨਗੀ ਦਿੱਤੀ ਅਤੇ ਅੰਮ੍ਰਿਤਸਰ ਨੂੰ ‘ਮਾਡਲ ਟਰੈਫਿਕ ਸਿਟੀ’ ਬਣਾਉਣ ਲਈ 2.56 ਕਰੋੜ ਰੁਪਏ ਦੀ ਰਾਸ਼ੀ ਵੀ ਦਿੱਤੀ।