ਕੇਂਦਰ ਸਰਕਾਰ ਵੱਲੋਂ ਸੋਨਮ ਵਾਂਗਚੁਕ ‘ਤੇ ਲੱਗੀ NSA ਹਟਾਉਣ ਦਾ ਐਲਾਨ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਲੱਦਾਖ ਦੇ ਮਸ਼ਹੂਰ ਵਾਤਾਵਰਣ ਪ੍ਰੇਮੀ ਅਤੇ ਕਾਰਕੁਨ ਸੋਨਮ ਵਾਂਗਚੁਕ ਵਿਰੁੱਧ ਲਗਾਇਆ ਗਿਆ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਵਾਪਸ ਲੈਣ ਦਾ ਵੱਡਾ ਫੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਸ਼ਨੀਵਾਰ ਨੂੰ ਜਾਣਕਾਰੀ ਦਿੱਤੀ ਕਿ ਪਿਛਲੇ ਸਾਲ ਸਤੰਬਰ ਵਿੱਚ ਲੇਹ ਵਿੱਚ ਹੋਈ ਹਿੰਸਾ ਦੇ ਸਬੰਧ ਵਿੱਚ ਵਾਂਗਚੁਕ ਦੀ ਹਿਰਾਸਤ ਨੂੰ ਖ਼ਤਮ ਕਰ ਦਿੱਤਾ ਗਿਆ

ਦੱਸਣਯੋਗ ਹੈ ਕਿ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਵਾਂਗਚੁਕ ਨੂੰ ਹਿਰਾਸਤ ਵਿੱਚ ਲੈ ਕੇ ਰਾਜਸਥਾਨ ਦੀ ਜੋਧਪੁਰ ਜੇਲ੍ਹ ਭੇਜ ਦਿੱਤਾ ਗਿਆ ਸੀ

ਸਰਕਾਰ ਦਾ ਅਧਿਕਾਰਤ ਬਿਆਨ
ਗ੍ਰਹਿ ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸਰਕਾਰ ਲੱਦਾਖ ਵਿੱਚ ਸ਼ਾਂਤੀ, ਸਥਿਰਤਾ ਅਤੇ ਆਪਸੀ ਵਿਸ਼ਵਾਸ ਦਾ ਮਾਹੌਲ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਸਾਰੇ ਹਿੱਸੇਦਾਰਾਂ ਨਾਲ ਸਾਰਥਕ ਗੱਲਬਾਤ ਕੀਤੀ ਜਾ ਸਕੇ। ਬਿਆਨ ਅਨੁਸਾਰ:

“ਇਸ ਉਦੇਸ਼ ਨੂੰ ਅੱਗੇ ਵਧਾਉਂਦੇ ਹੋਏ ਅਤੇ ਪੂਰੀ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ, ਸਰਕਾਰ ਨੇ NSA ਤਹਿਤ ਮਿਲੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਸ੍ਰੀ ਸੋਨਮ ਵਾਂਗਚੁਕ ਦੀ ਹਿਰਾਸਤ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦਾ ਫੈਸਲਾ ਕੀਤਾ ਹੈ”

ਹਿਰਾਸਤ ਪਿੱਛੇ ਦਿੱਤੇ ਗਏ ਸਨ ਇਹ ਕਾਰਨ
ਸਰਕਾਰ ਨੇ ਪਹਿਲਾਂ ਦੋਸ਼ ਲਾਇਆ ਸੀ ਕਿ ਵਾਂਗਚੁਕ ਨੇ ਨੌਜਵਾਨ ਪੀੜ੍ਹੀ (Gen Z) ਨੂੰ ਨੇਪਾਲ ਅਤੇ ਬੰਗਲਾਦੇਸ਼ ਵਰਗੇ ਪ੍ਰਦਰਸ਼ਨਾਂ ਲਈ ਉਕਸਾਉਣ ਦੀ ਕੋਸ਼ਿਸ਼ ਕੀਤੀ ਸੀ। ਲੱਦਾਖ ਨੂੰ ਰਾਜ ਦਾ ਦਰਜਾ ਅਤੇ ਛੇਵੀਂ ਅਨੁਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਹੋਏ ਹਿੰਸਕ ਪ੍ਰਦਰਸ਼ਨਾਂ ਵਿੱਚ 4 ਲੋਕਾਂ ਦੀ ਮੌਤ ਹੋ ਗਈ ਸੀ ਅਤੇ 90 ਦੇ ਕਰੀਬ ਜ਼ਖ਼ਮੀ ਹੋਏ ਸਨ, ਜਿਸ ਤੋਂ ਬਾਅਦ ਵਾਂਗਚੁਕ ‘ਤੇ ਕਾਰਵਾਈ ਕੀਤੀ ਗਈ ਸੀ

ਪਤਨੀ ਗੀਤਾਂਜਲੀ ਨੇ ਸੁਪਰੀਮ ਕੋਰਟ ਵਿੱਚ ਦਿੱਤੀ ਸੀ ਚੁਣੌਤੀ
ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਇਸ ਹਿਰਾਸਤ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਨ੍ਹਾਂ ਨੇ ਇਸ ਨੂੰ ਗੈਰ-ਕਾਨੂੰਨੀ ਅਤੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਦੱਸਿਆ ਸੀ। ਗੀਤਾਂਜਲੀ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਵਾਂਗਚੁਕ ਨੇ ਹਮੇਸ਼ਾ ਹਿੰਸਾ ਦੀ ਨਿੰਦਾ ਕੀਤੀ ਹੈ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਕਿਹਾ ਸੀ ਕਿ ਹਿੰਸਾ ਲੱਦਾਖ ਦੇ ਪਿਛਲੇ ਪੰਜ ਸਾਲਾਂ ਦੀ ‘ਤਪੱਸਿਆ’ ਨੂੰ ਅਸਫਲ ਕਰ ਦੇਵੇਗੀ