ਪੰਜਾਬ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।
ਮੁੱਖ ਮੰਤਰੀ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕਰਦੇ ਹੋਏ ਦੱਸਿਆ ਕਿ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਰਕਟ ਹਾਊਸ ਵਿੱਚ ਸੰਤ ਸਮਾਜ ਨਾਲ ਇਕ ਅਹਿਮ ਬੈਠਕ ਕੀਤੀ ਗਈ। ਇਸ ਮੀਟਿੰਗ ਵਿੱਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ ਸੋਧ ਕਰਨ ‘ਤੇ ਵਿਚਾਰ-ਚਰਚਾ ਹੋਈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਵਿੱਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੀ ਹੈ ਅਤੇ ਇਸ ਨਾਲ ਸੰਬੰਧਿਤ ਮਰਯਾਦਾ ਦੀ ਰੱਖਿਆ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜੇ ਕੋਈ ਵੀ ਵਿਅਕਤੀ ਬੇਅਦਬੀ ਕਰਕੇ ਲੋਕਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ ਤਾਂ ਉਸ ਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਅਤੇ ਮਿਸਾਲੀ ਸਜ਼ਾਵਾਂ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਵਿੱਚ ਹੋਰ ਮਜ਼ਬੂਤੀ ਲਿਆਂਦੀ ਜਾਵੇਗੀ। ਇਸ ਮਕਸਦ ਲਈ ਹੀ 13 ਅਪ੍ਰੈਲ ਨੂੰ ਖਾਸ ਇਜਲਾਸ ਬੁਲਾਇਆ ਜਾ ਰਿਹਾ ਹੈ, ਜਿੱਥੇ ਇਸ ਮਾਮਲੇ ‘ਤੇ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
ਪੰਜਾਬ ਸਰਕਾਰ ਨੇ ਇਹ ਵੀ ਦੱਸਿਆ ਕਿ ਲੋਕਾਂ ਦੀ ਆਸਥਾ ਅਤੇ ਧਾਰਮਿਕ ਮਰਯਾਦਾ ਦੀ ਰੱਖਿਆ ਲਈ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਸ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
