ਗੁਰਦਾਸਪੁਰ : ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਝੂਠੀ ਖ਼ਬਰ ਅੱਜ ਸ਼ਾਮ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਇਸ ਅਫਵਾਹ ਨੇ ਉਨ੍ਹਾਂ ਦੇ ਸਮਰਥਕਾਂ ਅਤੇ ਸਿਆਸੀ ਹਲਕਿਆਂ ਵਿੱਚ ਭਾਰੀ ਚਿੰਤਾ ਪੈਦਾ ਕਰ ਦਿੱਤੀ ਸੀ। ਹਾਲਾਂਕਿ, ਇਹ ਖ਼ਬਰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਫਰਜ਼ੀ ਸਾਬਤ ਹੋਈ ਹੈ।
ਫੇਸਬੁੱਕ ਰਾਹੀਂ ਦਿੱਤਾ ਸਪੱਸ਼ਟੀਕਰਨ
ਖੁਦ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਗੇ ਆ ਕੇ ਇਨ੍ਹਾਂ ਅਫਵਾਹਾਂ ਦਾ ਸਖ਼ਤ ਖੰਡਨ ਕੀਤਾ ਹੈ। ਉਨ੍ਹਾਂ ਨੇ ਆਪਣੇ ਅਧਿਕਾਰਤ ਫੇਸਬੁੱਕ ਪੇਜ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, “ਅਫਵਾਹਾਂ ਤੋਂ ਗੁਰੇਜ਼ ਕਰੋ। ਗੁਰੂ ਸਾਹਿਬ ਦੀ ਮਿਹਰ ਸਦਕਾ ਮੈਂ ਬਿਲਕੁਲ ਠੀਕ ਅਤੇ ਚੜ੍ਹਦੀ ਕਲਾ ਵਿੱਚ ਹਾਂ।” ਉਨ੍ਹਾਂ ਦੇ ਇਸ ਸਪੱਸ਼ਟੀਕਰਨ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ, ਸਮਰਥਕਾਂ ਅਤੇ ਪਾਰਟੀ ਵਰਕਰਾਂ ਨੇ ਸੁੱਖ ਦਾ ਸਾਹ ਲਿਆ ਹੈ
