ਬਠਿੰਡਾ-ਡੱਬਵਾਲੀ ਸੜਕ ‘ਤੇ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਬਠਿੰਡਾ ਤੋਂ ਡੱਬਵਾਲੀ ਜਾਣ ਵਾਲੀ ਸੜਕ ‘ਤੇ ਪਿੰਡ ਜੋਧਪੁਰ ਰੁਮਾਣਾ ਅਤੇ ਗੁਰੂਸਰ ਸੈਣੇਵਾਲਾ ਦੇ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇੱਕ ਪਿਕਅੱਪ ਵਾਹਨ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਜਾ ਟਕਰਾਇਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੌਕੇ ‘ਤੇ ਹੜਕੰਪ ਮਚ ਗਿਆ।

ਚਾਰ ਲੋਕਾਂ ਦੀ ਮੌਤ, ਕਈ ਹੋਏ ਜ਼ਖ਼ਮੀ

ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਅੱਧੀ ਦਰਜਨ ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਰਾਹਗੀਰਾਂ ਅਤੇ ਸਮਾਜਸੇਵੀ ਸੰਸਥਾਵਾਂ ਨੇ ਕੀਤੀ ਮਦਦ

ਹਾਦਸੇ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕ ਅਤੇ ਸਮਾਜਸੇਵੀ ਸੰਸਥਾਵਾਂ ਦੇ ਮੈਂਬਰ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਵਾਹਨਾਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢ ਕੇ ਐਂਬੂਲੈਂਸਾਂ ਦੀ ਮਦਦ ਨਾਲ ਹਸਪਤਾਲ ਭੇਜਿਆ।

ਮੁੱਢਲੀ ਜਾਣਕਾਰੀ ਅਨੁਸਾਰ ਪਿਕਅੱਪ ਵਿੱਚ ਸਵਾਰ ਸਾਰੇ ਯਾਤਰੀ ਰਾਜਸਥਾਨ ਦੇ ਬਾੜਮੇਰ ਇਲਾਕੇ ਦੇ ਰਹਿਣ ਵਾਲੇ ਸਨ। ਉਹ ਅਮਰਨਾਥ ਯਾਤਰਾ ਲਈ ਨਿਕਲੇ ਹੋਏ ਸਨ ਅਤੇ ਡੱਬਵਾਲੀ ਤੋਂ ਬਠਿੰਡਾ ਵੱਲ ਜਾ ਰਹੇ ਸਨ, ਜਦੋਂ ਗੁਰੂਸਰ ਸੈਣੇਵਾਲਾ ਨੇੜੇ ਇਹ ਹਾਦਸਾ ਵਾਪਰ ਗਿਆ।

ਥਾਣਾ ਸੰਗਤ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਪਛਾਣ ਕਰਨ ਦੀ ਕਾਰਵਾਈ ਵੀ ਜਾਰੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਪਿਕਅੱਪ ਰਾਜਸਥਾਨ ਨਾਲ ਸੰਬੰਧਿਤ ਸੀ ਅਤੇ ਇਹ ਭਾਰਤਮਾਲਾ ਸੜਕ ‘ਤੇ ਖੜ੍ਹੇ ਟਰਾਲੇ ਨਾਲ ਟਕਰਾ ਗਈ।