ਕਾਲੀ Thar ਵਾਲੇ ਨੇ 2 ਲੋਕਾਂ ਨੂੰ ਮਾਰੀ ਟੱਕਰ, ਦੋਨਾਂ ਦੀ ਹੋਈ ਮੌਤ

ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਚੂਸਲੇਵਾੜ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਥਾਰ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕ ਦੋਵੇਂ ਪਿੰਡ ਬ੍ਰਹਮਪੁਰਾ ਦੇ ਰਹਿਣ ਵਾਲੇ ਸਨ ਅਤੇ ਪੇਸ਼ੇ ਨਾਲ ਹਲਵਾਈ ਦਾ ਕੰਮ ਕਰਦੇ ਸਨ।

ਪਰਿਵਾਰਕ ਮੈਂਬਰ ਸੁਖਚੈਨ ਸਿੰਘ ਮੁਤਾਬਕ, ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਪਿੰਡ ਸਿਧਵਾਂ ਵੱਲ ਜਾ ਰਹੇ ਸਨ ਕਿ ਰਸਤੇ ਵਿੱਚ ਥਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇਨੀ ਭਿਆਨਕ ਸੀ ਕਿ ਦੋਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਮਾਮਲੇ ਸਬੰਧੀ ਥਾਣਾ ਸਦਰ ਪੱਟੀ ਦੇ ਮੁਖੀ ਵਿਪਨ ਕੁਮਾਰ ਨੇ ਦੱਸਿਆ ਕਿ ਹਾਦਸੇ ਵਾਲੀ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਦੋਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਪੱਟੀ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ।

ਪੁਲਿਸ ਵੱਲੋਂ ਸੁਖਚੈਨ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਲਾਕੇ ਵਿੱਚ ਇਸ ਘਟਨਾ ਤੋਂ ਬਾਅਦ ਸੋਗ ਦੀ ਲਹਿਰ ਹੈ।