ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਬੰਬੀਹਾ ਗੈਂਗ ਦੇ ਤਿੰਨ ਕਾਰਕੁੰਨ ਮਲੇਸ਼ੀਆ ਤੋਂ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਬੰਬੀਹਾ ਗੈਂਗ ਦੇ ਖਾਸ ਗੁਰਗੇ ਲੱਕੀ ਪਟਿਆਲ ਦੇ ਤਿੰਨ ਮੁੱਖ ਸਹਿਯੋਗੀਆਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜੱਸ ਬਹਿਬਲ, ਅਜੈ ਸਿੰਘ ਅਤੇ ਪਵਨਦੀਪ ਸਿੰਘ ਵਜੋਂ ਹੋਈ ਹੈ।

ਤਿੰਨਾਂ ਮੁਲਜ਼ਮਾਂ ਵਿਰੁੱਧ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਜਬਰੀ ਵਸੂਲੀ (ਐਕਸਟੌਰਸ਼ਨ), ਫਿਰੌਤੀ ਅਤੇ ਟਾਰਗੇਟ ਕਿਲਿੰਗ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮ ਅਜੈ ਸਿੰਘ ਅਤੇ ਪਵਨਦੀਪ ਸਿੰਘ ਲੁਧਿਆਣਾ ਵਿੱਚ ਹੋਏ ਹਾਈ-ਪ੍ਰੋਫਾਈਲ ਹੈਂਡ ਗ੍ਰਨੇਡ ਹਮਲੇ ਦੀ ਸਾਜ਼ਿਸ਼ ਦੇ ਮੁੱਖ ਮਾਸਟਰਮਾਈਂਡ ਸਨ। ਨਵੰਬਰ 2025 ਵਿੱਚ ਲੁਧਿਆਣਾ ਪੁਲਿਸ ਨੇ ਕੁਝ ਨੌਜਵਾਨਾਂ ਨੂੰ ਚੀਨੀ ਹੈਂਡ ਗ੍ਰਨੇਡਾਂ ਸਮੇਤ ਕਾਬੂ ਕੀਤਾ ਸੀ, ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਮਲੇਸ਼ੀਆ ਬੈਠੇ ਇਨ੍ਹਾਂ ਦੋਵਾਂ ਆਗੂਆਂ ਨੇ ਸ਼ਹਿਰ ਵਿੱਚ ਦਹਿਸ਼ਤ ਫੈਲਾਉਣ ਲਈ ਹਥਿਆਰ ਮੁਹੱਈਆ ਕਰਵਾਏ ਸਨ।

ਕੇਂਦਰੀ ਏਜੰਸੀਆਂ ਨਾਲ ਤਾਲਮੇਲ

ਮੁਲਜ਼ਮਾਂ ਦੀ ਵਿਦੇਸ਼ੀ ਮੌਜੂਦਗੀ ਦਾ ਖੁਲਾਸਾ ਹੋਣ ਤੋਂ ਬਾਅਦ, ਪੰਜਾਬ ਪੁਲਿਸ ਨੇ ਇਸ ਮਾਮਲੇ ਨੂੰ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ। ਕੇਂਦਰੀ ਏਜੰਸੀਆਂ ਅਤੇ ਮਲੇਸ਼ੀਆ ਦੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਇਨ੍ਹਾਂ ਨੂੰ ਭਾਰਤ ਲਿਆਉਣ ਦੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਗਈ।

ਪੰਜਾਬ ਪੁਲਿਸ ਦੀ ਇਸ ਸਫ਼ਲ ਕਾਰਵਾਈ ਨੂੰ ਗੈਂਗਸਟਰਾਂ ਦੇ ਵਿਦੇਸ਼ੀ ਨੈੱਟਵਰਕ ਨੂੰ ਤੋੜਨ ਵੱਲ ਇੱਕ ਵੱਡੀ ਸਫ਼ਲਤਾ ਵਜੋਂ ਦੇਖਿਆ ਜਾ ਰਿਹਾ ਹੈ। ਪੁਲਿਸ ਵੱਲੋਂ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦੇ ਬਾਕੀ ਸਾਥੀਆਂ ਬਾਰੇ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।