ਸੀ.ਜੇ.ਪੀ. ਦੇ ਤਿੰਨ ਆਗੂ 23 ਘੰਟਿਆਂ ਬਾਅਦ ਰਿਹਾਅ, ਇਕ ਸਾਲ ਤੱਕ ਸ਼ਾਂਤੀ ਬਣਾਈ ਰੱਖਣ ਦੀ ਸ਼ਰਤ

ਨਵੀਂ ਦਿੱਲੀ: ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਆਗੂ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ ਕਰੀਬ 23 ਘੰਟਿਆਂ ਦੀ ਹਿਰਾਸਤ ਤੋਂ ਬਾਅਦ ਅੱਜ ਸਵੇਰੇ 10 ਵਜੇ ਰਿਹਾਅ ਕਰ ਦਿੱਤਾ ਗਿਆ। ਤਿੰਨਾਂ ਨੂੰ ਦਿੱਲੀ ਕੈਂਟ ਪੁਲਿਸ ਸਟੇਸ਼ਨ ਦੇ ਕਾਰਜਕਾਰੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਉਨ੍ਹਾਂ ਨੂੰ ਇਸ ਸ਼ਰਤ ’ਤੇ ਰਿਹਾਅ ਕੀਤਾ ਕਿ ਉਹ ਅਗਲੇ ਇਕ ਸਾਲ ਤੱਕ ਸ਼ਾਂਤੀ ਭੰਗ ਨਹੀਂ ਕਰਨਗੇ।

ਪੁਲਿਸ ਨੇ ਸ਼ਨੀਵਾਰ ਨੂੰ ਸੀ.ਜੇ.ਪੀ. ਦੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਹਵਾਈ ਅੱਡੇ ’ਤੇ ਇਕ ਉਡਾਣ ਵਿੱਚੋਂ ਤਿੰਨਾਂ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਸੀ। ਦਿੱਲੀ ਪੁਲਿਸ ਨੇ ਇਸ ਕਾਰਵਾਈ ਨੂੰ ਸਾਵਧਾਨੀ ਵਜੋਂ ਚੁੱਕਿਆ ਗਿਆ ਕਦਮ ਦੱਸਿਆ ਸੀ।

ਇਸ ਦੌਰਾਨ, ਸੀ.ਜੇ.ਪੀ. ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਐਤਵਾਰ ਨੂੰ ਜੰਤਰ-ਮੰਤਰ ਵਿਖੇ ਲਗਾਤਾਰ ਦੂਜੇ ਦਿਨ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਹਜ਼ਾਰਾਂ ਸਮਰਥਕਾਂ ਨੂੰ ਰਸਤੇ ਵਿੱਚ ਹੀ ਰੋਕ ਦਿੱਤਾ ਸੀ। ਇਸ ਕਾਰਵਾਈ ਦੌਰਾਨ ਕਰੀਬ 7,000 ਲੋਕਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ।