PM ਮੋਦੀ-ਟਰੰਪ ਵਿਚਾਲੇ ਫੋਨ ’ਤੇ ਗੱਲਬਾਤ, ਭਾਰਤ-ਅਮਰੀਕਾ ਸਬੰਧਾਂ ਨੂੰ ਲੈ ਕੇ ਹੋਈ ਚਰਚਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਦੁਵੱਲੇ ਸਹਿਯੋਗ ਨਾਲ ਜੁੜੇ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਗੱਲਬਾਤ ਦੌਰਾਨ ਵਪਾਰ, ਰੱਖਿਆ, ਊਰਜਾ, ਅਹਿਮ ਤਕਨਾਲੋਜੀਆਂ ਅਤੇ ਹੋਰ ਸਾਂਝੇ ਹਿੱਤਾਂ ਵਾਲੇ ਖੇਤਰਾਂ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਗਈ।

ਇਸ ਤੋਂ ਇਲਾਵਾ ਦੋਵਾਂ ਆਗੂਆਂ ਨੇ ਖੇਤਰੀ ਅਤੇ ਕੌਮਾਂਤਰੀ ਘਟਨਾਕ੍ਰਮ ਬਾਰੇ ਵੀ ਵਿਚਾਰ ਸਾਂਝੇ ਕੀਤੇ। ਗਲੋਬਲ ਸ਼ਾਂਤੀ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੀਆਂ ਕੋਸ਼ਿਸ਼ਾਂ ’ਤੇ ਵੀ ਚਰਚਾ ਹੋਈ।

ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਟਰੰਪ ਨੇ ਭਾਰਤ-ਅਮਰੀਕਾ Comprehensive Global Strategic Partnership ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਦੋਵਾਂ ਨੇ ਲੋਕਾਂ ਦੇ ਹਿੱਤ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਡੂੰਘਾ ਕਰਨ ਲਈ ਨਜ਼ਦੀਕੀ ਸੰਪਰਕ ਜਾਰੀ ਰੱਖਣ ’ਤੇ ਸਹਿਮਤੀ ਜਤਾਈ।

ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ’ਤੇ ਪੋਸਟ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਟਰੰਪ ਨਾਲ ਉਨ੍ਹਾਂ ਦੀ ਲਾਭਦਾਇਕ ਗੱਲਬਾਤ ਹੋਈ। ਉਨ੍ਹਾਂ ਦੱਸਿਆ ਕਿ ਦੋਵਾਂ ਦੇਸ਼ਾਂ ਵਿਚਾਲੇ ਵਪਾਰ, ਰੱਖਿਆ, ਊਰਜਾ ਅਤੇ ਅਹਿਮ ਤਕਨਾਲੋਜੀਆਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਦੀ ਸਮੀਖਿਆ ਕੀਤੀ ਗਈ।

ਦੋਵਾਂ ਆਗੂਆਂ ਨੇ ਭਵਿੱਖ ਵਿੱਚ ਵੀ ਸੰਪਰਕ ਵਿੱਚ ਰਹਿਣ ਅਤੇ ਭਾਰਤ-ਅਮਰੀਕਾ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਮਿਲ ਕੇ ਕੰਮ ਕਰਨ ’ਤੇ ਸਹਿਮਤੀ ਪ੍ਰਗਟਾਈ