ਸੁਨਾਮ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਸੁਨਾਮ ਵਿਧਾਨ ਸਭਾ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ ਸੌਂਪੇ। ਇਸ ਸਬੰਧੀ ਪਿੰਡ ਭਰੂਰ, ਨਮੋਲ, ਕਿਲ੍ਹਾ ਭਰੀਆਂ, ਲੋਹਾਖੇੜਾ ਅਤੇ ਬੁੱਗਰ ਵਿਖੇ ਵਿਸ਼ੇਸ਼ ਵੰਡ ਸਮਾਗਮ ਕਰਵਾਏ ਗਏ।
ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਭਰੂਰ ਦੇ 133, ਨਮੋਲ ਦੇ 585, ਕਿਲ੍ਹਾ ਭਰੀਆਂ ਦੇ 260, ਲੋਹਾਖੇੜਾ ਦੇ 213 ਅਤੇ ਬੁੱਗਰ ਦੇ 147 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਪ੍ਰਦਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਹੀ ਵੰਡ ਸਮਾਗਮ ਕਰਵਾਉਣ ਦਾ ਮਕਸਦ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਆਪਣੇ ਘਰਾਂ ਵਿੱਚ ਹੀ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ।
ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਦੀ ਲਾਲ ਲਕੀਰ ਅੰਦਰ ਰਹਿਣ ਵਾਲੇ ਬਹੁਤ ਸਾਰੇ ਪਰਿਵਾਰ ਪੀੜ੍ਹੀਆਂ ਤੋਂ ਆਪਣੇ ਘਰਾਂ ਵਿੱਚ ਵੱਸੇ ਹੋਏ ਹਨ, ਪਰ ਉਨ੍ਹਾਂ ਕੋਲ ਮਾਲਕੀ ਸਾਬਤ ਕਰਨ ਲਈ ਕੋਈ ਅਧਿਕਾਰਤ ਦਸਤਾਵੇਜ਼ ਨਹੀਂ ਸੀ। ‘ਮੇਰਾ ਘਰ ਮੇਰੇ ਨਾਮ’ ਯੋਜਨਾ ਅਜਿਹੇ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਅਤੇ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣ ਵੱਲ ਇੱਕ ਅਹਿਮ ਕਦਮ ਹੈ।
ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਲਿਖਤੀ ਸਬੂਤ ਹੋਣਾ ਹਰੇਕ ਪਰਿਵਾਰ ਲਈ ਬੇਹੱਦ ਮਹੱਤਵਪੂਰਨ ਹੈ। ਇਸ ਨਾਲ ਪਰਿਵਾਰ ਲੋੜ ਪੈਣ ’ਤੇ ਆਪਣੀ ਜਾਇਦਾਦ ਸਬੰਧੀ ਮਾਲਕੀ ਦੇ ਵੇਰਵੇ ਪੇਸ਼ ਕਰ ਸਕਣਗੇ। ਇਸ ਤੋਂ ਇਲਾਵਾ ਇਹ ਦਸਤਾਵੇਜ਼ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਮਹੱਤਵਪੂਰਨ ਰਿਕਾਰਡ ਵਜੋਂ ਕੰਮ ਕਰਨਗੇ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਇਸ ਯੋਜਨਾ ਦਾ ਲਾਭ ਹਰੇਕ ਯੋਗ ਪਰਿਵਾਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਾਪਤ ਦਸਤਾਵੇਜ਼ਾਂ ਵਿੱਚ ਦਰਜ ਆਪਣੇ ਨਾਂ ਅਤੇ ਜਾਇਦਾਦ ਦੇ ਵੇਰਵਿਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਅਤੇ ਇਨ੍ਹਾਂ ਨੂੰ ਸੁਰੱਖਿਅਤ ਸੰਭਾਲ ਕੇ ਰੱਖਣ। ਜੇਕਰ ਕਿਸੇ ਵੇਰਵੇ ਸਬੰਧੀ ਕੋਈ ਸ਼ੰਕਾ ਜਾਂ ਸਪੱਸ਼ਟੀਕਰਨ ਦੀ ਲੋੜ ਹੋਵੇ ਤਾਂ ਸਬੰਧਤ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ।
ਇਨ੍ਹਾਂ ਵੰਡ ਸਮਾਗਮਾਂ ਵਿੱਚ ਵੱਖ-ਵੱਖ ਅਹੁਦੇਦਾਰਾਂ, ਪਤਵੰਤਿਆਂ ਅਤੇ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਵਸਨੀਕਾਂ ਨੇ ਸ਼ਿਰਕਤ ਕੀਤੀ।
