ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਵੋਟਰ ਰਜਿਸਟ੍ਰੇਸ਼ਨ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਬਿਆਨ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਰਾਘਵ ਚੱਢਾ ਦਿੱਲੀ ਵਿੱਚ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਲਈ ਕਥਿਤ ਤੌਰ ’ਤੇ ਬੈਕਡੇਟਿਡ ਪ੍ਰਕਿਰਿਆ ਦੀ ਕੋਸ਼ਿਸ਼ ਕਰ ਰਹੇ ਹਨ
AAP ਨੇ ਕਿਹਾ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਜਾਂਚ (SIR) ਦੀ ਪ੍ਰਕਿਰਿਆ ਚੋਣ ਕਮਿਸ਼ਨ ਵੱਲੋਂ ਕਰਵਾਈ ਜਾਂਦੀ ਹੈ ਅਤੇ ਇਸ ਵਿੱਚ ਪੰਜਾਬ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। ਪਾਰਟੀ ਮੁਤਾਬਕ ਕਿਸੇ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਜਾਂ ਹਟਾਉਣ ਦਾ ਫੈਸਲਾ ਸੂਬਾ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ
ਪਾਰਟੀ ਨੇ ਦਾਅਵਾ ਕੀਤਾ ਕਿ ਰਾਘਵ ਚੱਢਾ ਲੰਬੇ ਸਮੇਂ ਤੋਂ ਦਿੱਲੀ ਵਿੱਚ ਰਹਿ ਰਹੇ ਹਨ ਅਤੇ ਪੰਜਾਬ ਵਿੱਚ ਉਨ੍ਹਾਂ ਦੀ ਰਿਹਾਇਸ਼ ਨਾ ਹੋਣ ਦੀ ਸਥਿਤੀ ਵਿੱਚ ਵੋਟਰ ਰਜਿਸਟ੍ਰੇਸ਼ਨ ਨੂੰ ਬਰਕਰਾਰ ਰੱਖਣ ਜਾਂ ਨਵੇਂ ਸਥਾਨ ’ਤੇ ਤਬਦੀਲ ਕਰਨ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਆਪਣੀ ਸੀ। AAP ਨੇ ਕਿਹਾ ਕਿ ਹੁਣ ਵੋਟਰ ਐਂਟਰੀ ਹਟਣ ਲਈ ਪੰਜਾਬ ਸਰਕਾਰ ਜਾਂ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੈ
‘ਰਾਜਿੰਦਰ ਨਗਰ ’ਚ ਬੈਕਡੇਟਿਡ ਐਂਟਰੀ ਦੀ ਕੋਸ਼ਿਸ਼’
AAP ਨੇ ਅੱਗੇ ਦਾਅਵਾ ਕੀਤਾ ਕਿ ਉਸ ਨੂੰ ਚੋਣ ਕਮਿਸ਼ਨ ਨਾਲ ਜੁੜੇ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਰਾਘਵ ਚੱਢਾ ਦਿੱਲੀ ਦੇ ਰਾਜਿੰਦਰ ਨਗਰ ਵਿੱਚ ਆਪਣੀ ਵੋਟਰ ਰਜਿਸਟ੍ਰੇਸ਼ਨ ਕਥਿਤ ਤੌਰ ’ਤੇ ਬੈਕਡੇਟਿਡ ਪ੍ਰਕਿਰਿਆ ਰਾਹੀਂ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ
ਪਾਰਟੀ ਨੇ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਬੈਕਡੇਟਿਡ ਜਾਂ ਗੈਰ-ਕਾਨੂੰਨੀ ਕਾਰਵਾਈ ਹੋਈ ਹੈ ਤਾਂ ਇਸ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ
AAP ਨੇ ਇਹ ਵੀ ਕਿਹਾ ਕਿ ਜੇਕਰ BJP ਜਾਂ ਕਿਸੇ ਹੋਰ ਵਿਅਕਤੀ ਵੱਲੋਂ ਅਜਿਹੀ ਕਥਿਤ ਬੈਕਡੇਟਿਡ ਐਂਟਰੀ ਵਿੱਚ ਮਦਦ ਕੀਤੀ ਗਈ ਹੈ ਤਾਂ ਪਾਰਟੀ ਇਸ ਮਾਮਲੇ ਨੂੰ ਅੰਤ ਤੱਕ ਲੈ ਕੇ ਜਾਵੇਗੀ ਅਤੇ ਸੱਚਾਈ ਸਾਹਮਣੇ ਲਿਆਉਣ ਦਾ ਦਾਅਵਾ ਕੀਤਾ ਹੈ
