ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ਼ ਫਿਰ ਬਦਲਿਆ, ਅਗਲੇ ਚਾਰ ਦਿਨਾਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਰਿਹਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਆਉਂਦੇ ਚਾਰ ਦਿਨਾਂ ਯਾਨੀ 5 ਸਤੰਬਰ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਕੁਝ ਥਾਵਾਂ ‘ਤੇ ਗਰਜ-ਤੂਫ਼ਾਨ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਇੱਕ-ਦੋ ਥਾਵਾਂ ‘ਤੇ ਮੀਂਹ ਪੈ ਸਕਦਾ ਹੈ।

ਚੰਡੀਗੜ੍ਹ ਵਿੱਚ ਅਸਮਾਨ ਆਮ ਤੌਰ ‘ਤੇ ਅੰਸ਼ਕ ਤੌਰ ‘ਤੇ ਬੱਦਲਵਾਈ ਨਾਲ ਘਿਰਿਆ ਰਹੇਗਾ। ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਮੀਂਹ ਜਾਂ ਗਰਜ ਨਾਲ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਦੌਰਾਨ ਵੀ ਮੌਸਮ ਦਾ ਇਹ ਬਦਲਿਆ ਮਿਜਾਜ਼ ਜਾਰੀ ਰਹਿਣ ਦੀ ਉਮੀਦ ਹੈ।

ਪਿਛਲੇ ਕੁਝ ਦਿਨਾਂ ਦੌਰਾਨ ਮੀਂਹ ਨਾ ਪੈਣ ਕਾਰਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਤਾਪਮਾਨ ਅਤੇ ਨਮੀ (Humidity) ਵਿੱਚ ਵਾਧਾ ਦੇਖਿਆ ਗਿਆ ਸੀ, ਜਿਸ ਨਾਲ ਲੋਕਾਂ ਨੂੰ ਭਾਰੀ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਇਸ ਨਵੇਂ ਮੀਂਹ ਦੇ ਦੌਰ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਪੂਰੀ ਉਮੀਦ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਅਤੇ ਤਾਜ਼ਾ ਅਪਡੇਟਾਂ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਹੈ।