ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਠਾਨਕੋਟ ਵਿੱਚ ਇੱਕ ਵਿਸ਼ੇਸ਼ ਸਮਾਗਮ ਦੌਰਾਨ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਵੱਡਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਸਰਕਾਰ ਨੇ ਸੂਬੇ ਦੀਆਂ 35.5 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਭੇਜ ਦਿੱਤੀ ਹੈ। ਇਸ ਨਾਲ ਇਸ ਯੋਜਨਾ ਦੇ ਕੁੱਲ ਲਾਭਪਾਤਰੀਆਂ ਦੀ ਗਿਣਤੀ ਵਧ ਕੇ 68.5 ਲੱਖ ਹੋ ਗਈ ਹੈ।
ਕਿੰਨੀ ਮਿਲ ਰਹੀ ਹੈ ਆਰਥਿਕ ਸਹਾਇਤਾ?
- ਪੰਜਾਬ ਦੀਆਂ ਔਰਤਾਂ ਨੂੰ ਤਿੰਨ ਮਹੀਨਿਆਂ ਦੀ ਇਕੱਠੀ ਕਿਸ਼ਤ ਵਜੋਂ 3000 ਰੁਪਏ ਦਿੱਤੇ ਜਾ ਰਹੇ ਹਨ।
- ਅਨੁਸੂਚਿਤ ਜਾਤੀ (SC) ਵਰਗ: ਇਸ ਵਰਗ ਨਾਲ ਸਬੰਧਤ ਔਰਤਾਂ ਨੂੰ ਤਿੰਨ ਮਹੀਨਿਆਂ ਲਈ 4500 ਰੁਪਏ ਦੀ ਸਹਾਇਤਾ ਮਿਲ ਰਹੀ ਹੈ। ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈ ਰਹੀਆਂ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਵਾਧੂ ਸਹਾਇਤਾ ਵੀ ਦਿੱਤੀ ਜਾ ਰਹੀ ਹੈ।
73 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ
ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ 7 ਦਿਨਾਂ ਦੇ ਅੰਦਰ ਲਗਭਗ 5 ਲੱਖ ਨਵੀਆਂ ਔਰਤਾਂ ਨੇ ਇਸ ਯੋਜਨਾ ਲਈ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ। ਇਸ ਤਰ੍ਹਾਂ ਕੁੱਲ ਰਜਿਸਟ੍ਰੇਸ਼ਨਾਂ ਦੀ ਗਿਣਤੀ 73.5 ਲੱਖ ਤੱਕ ਪਹੁੰਚ ਗਈ ਹੈ। ਸਰਕਾਰ ਵੱਲੋਂ ਯੋਗ ਔਰਤਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਅੱਗੇ ਵੀ ਲਗਾਤਾਰ ਜਾਰੀ ਰੱਖਿਆ ਜਾਵੇਗਾ।
ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਮੁੱਖ ਮਕਸਦ
ਮੁੱਖ ਮੰਤਰੀ ਨੇ ‘ਐਕਸ’ (ਟਵਿੱਟਰ) ਉੱਤੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਰਕਾਰ ਨੇ ਸੂਬੇ ਦੀਆਂ ਮਾਵਾਂ ਅਤੇ ਭੈਣਾਂ ਨਾਲ ਕੀਤਾ ਇੱਕ ਹੋਰ ਅਹਿਮ ਵਾਅਦਾ ਪੂਰਾ ਕਰ ਦਿੱਤਾ ਹੈ। ਜਿਹੜੀਆਂ ਔਰਤਾਂ ਨੇ ਬਾਅਦ ਵਿੱਚ ਆਪਣੇ ਫਾਰਮ ਭਰੇ ਹਨ, ਉਨ੍ਹਾਂ ਨੂੰ ਵੀ ਬਾਕੀ ਔਰਤਾਂ ਵਾਂਗ ਤਿੰਨ ਮਹੀਨਿਆਂ ਦੀ ਇਕੱਠੀ ਕਿਸ਼ਤ ਦਿੱਤੀ ਜਾਵੇਗੀ।
ਇਸ ਯੋਜਨਾ ਦਾ ਮੁੱਖ ਉਦੇਸ਼ ਸਿਰਫ਼ ਪੈਸੇ ਦੇਣਾ ਨਹੀਂ, ਸਗੋਂ ਔਰਤਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨਾ ਅਤੇ ਆਰਥਿਕ ਤੌਰ ’ਤੇ ਆਤਮਨਿਰਭਰ ਬਣਾਉਣਾ ਹੈ। ਸਾਰੀ ਰਕਮ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ।
