ਅੰਮ੍ਰਿਤਸਰ ਦੇ ਰਾਜਾਸਾਂਸੀ ਹਲਕੇ ਵਿੱਚ ਪੈਂਦੇ ਭਿੰਡੀ ਸੈਦਾਂ ਪੁਲਿਸ ਥਾਣੇ ਵਿੱਚ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਹੋਏ ਇੱਕ ਜ਼ੋਰਦਾਰ ਧਮਾਕੇ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਰਾਤ ਦੇ ਕਰੀਬ 2 ਵਜੇ ਹੋਈ ਇਸ ਘਟਨਾ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ‘ਤੇ ਹਨ। ਮਾਮਲੇ ਵਿੱਚ ਨਵਾਂ ਮੋੜ ਉਦੋਂ ਆਇਆ ਜਦੋਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋਈ, ਜਿਸ ਵਿੱਚ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ।
ਵਾਇਰਲ ਹੋ ਰਹੀ ਇਸ ਪੋਸਟ ਵਿੱਚ ਕਿਹਾ ਗਿਆ ਹੈ ਕਿ ਥਾਣੇ ‘ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਡੀ.ਆਈ.ਜੀ. ਸੰਦੀਪ ਗੋਇਲ ਨੂੰ ਵੀ ਧਮਕੀ ਦਿੱਤੀ ਗਈ ਹੈ। ਹਾਲਾਂਕਿ, ਪੰਜਾਬ ਪੁਲਿਸ ਨੇ ਅਜੇ ਤੱਕ ਇਸ ਪੋਸਟ ਦੀ ਸੱਚਾਈ ਦੀ ਪੁਸ਼ਟੀ ਨਹੀਂ ਕੀਤੀ ਹੈ ਅਤੇ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਈਬਰ ਸੈੱਲ ਦੀ ਮਦਦ ਨਾਲ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਪੋਸਟ ਕਿੱਥੋਂ ਅਤੇ ਕਿਸ ਨੇ ਅਪਲੋਡ ਕੀਤੀ ਹੈ।
ਘਟਨਾ ਤੋਂ ਤੁਰੰਤ ਬਾਅਦ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਫੋਰੈਂਸਿਕ ਮਾਹਿਰਾਂ ਦੀਆਂ ਟੀਮਾਂ ਮੌਕੇ ਤੋਂ ਸਬੂਤ ਇਕੱਠੇ ਕਰ ਰਹੀਆਂ ਹਨ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਧਮਾਕਾ ਕਿਸੇ ਗ੍ਰਨੇਡ ਨਾਲ ਹੋਇਆ ਸੀ ਜਾਂ ਕਿਸੇ ਹੋਰ ਵਿਸਫੋਟਕ ਸਮੱਗਰੀ ਦੀ ਵਰਤੋਂ ਕੀਤੀ ਗਈ ਸੀ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹ ਹਰ ਪਹਿਲੂ ਤੋਂ ਜਾਂਚ ਕਰ ਰਹੇ ਹਨ ਅਤੇ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਜਾਵੇਗਾ।
