
ਡੇਰਾ ਬਾਬਾ ਨਾਨਕ ‘ਚ ਦੋ ਦੋਸਤਾਂ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌ/ ਤ
ਡੇਰਾ ਬਾਬਾ ਨਾਨਕ (ਆਸ਼ਕ ਰਾਜ ਮਾਹਲਾ): ਡੇਰਾ ਬਾਬਾ ਨਾਨਕ ਰੋਡ ‘ਤੇ ਪਿੰਡ ਹਰਦੋਰਵਾਲ ਕਲਾਂ ਦੇ ਸੱਕੀ ਨਾਲੇ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਹਰਿੰਦਰ ਸਿੰਘ ਅਤੇ ਪ੍ਰੀਤਮ ਸਿੰਘ ਵਾਸੀ ਪਿੰਡ ਪੰਧੇਰ ਕਲਾਂ, ਥਾਣਾ ਮਜੀਠਾ ਵਜੋਂ ਹੋਈ ਹੈ। ਦੋਵੇਂ ਆਪਸ ਵਿੱਚ ਪੱਕੇ ਦੋਸਤ ਸਨ।
ਇਸ ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਇਹ ਕੋਈ ਆਮ ਸੜਕ ਹਾਦਸਾ ਨਹੀਂ, ਸਗੋਂ ਦੋਵਾਂ ਦਾ ਕਤਲ ਕੀਤਾ ਗਿਆ ਹੈ। ਪਰਿਵਾਰਾਂ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

ਇਸ ਸਬੰਧੀ ਮ੍ਰਿਤਕ ਪ੍ਰੀਤਮ ਸਿੰਘ ਦੇ ਭਤੀਜੇ ਰਾਜਬੀਰ ਸਿੰਘ ਨੇ ਦੱਸਿਆ ਕਿ ਹਰਿੰਦਰ ਸਿੰਘ ਅਤੇ ਉਸ ਦੇ ਚਾਚਾ ਪ੍ਰੀਤਮ ਸਿੰਘ ਬੀਤੇ ਦਿਨ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਗਏ ਸਨ। ਉਨ੍ਹਾਂ ਦੱਸਿਆ ਕਿ ਹਰਿੰਦਰ ਸਿੰਘ ਦੀ ਪਿੰਡ ਹਰਦੋਰਵਾਲ ਵਿੱਚ ਕਰੀਬ 6-7 ਕਿੱਲੇ ਜ਼ਮੀਨ ਸਬੰਧੀ ਵਿਵਾਦ ਚੱਲ ਰਿਹਾ ਸੀ ਅਤੇ ਪੁਲਿਸ ਦੀ ਮਦਦ ਨਾਲ ਜ਼ਮੀਨ ਦਾ ਕਬਜ਼ਾ ਲੈਣਾ ਸੀ।
ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਜ਼ਮੀਨ ਦੇ ਇਸ ਵਿਵਾਦ ਕਾਰਨ ਦੂਜੀ ਧਿਰ ਵੱਲੋਂ ਡੇਰਾ ਬਾਬਾ ਨਾਨਕ ਤੋਂ ਪਿੰਡ ਵਾਪਸ ਆਉਂਦੇ ਸਮੇਂ ਰਸਤੇ ਵਿੱਚ ਦੋਵਾਂ ਦੋਸਤਾਂ ਦਾ ਕਤਲ ਕਰ ਦਿੱਤਾ ਗਿਆ।
ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਕੀਤਾ ਦਰਜ
ਦੂਜੇ ਪਾਸੇ, ਥਾਣਾ ਡੇਰਾ ਬਾਬਾ ਨਾਨਕ ਦੇ ਐੱਸਐੱਚਓ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਦੋਵੇਂ ਵਿਅਕਤੀ ਡੇਰਾ ਬਾਬਾ ਨਾਨਕ ਤੋਂ ਵਾਇਆ ਰਮਦਾਸ ਅਤੇ ਫਤਿਹਗੜ੍ਹ ਚੂੜੀਆਂ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਹਰਦੋਰਵਾਲ ਦੇ ਸੱਕੀ ਨਾਲੇ ਨੇੜੇ ਵਾਪਰੇ ਹਾਦਸੇ ਵਿੱਚ ਦੋਵਾਂ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਚਾਰ ਵਿਅਕਤੀਆਂ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।



